ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ  ( Manpreet singh)
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀਮਤੀ ਚਾਰੂ ਮਿਤਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।
ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ
ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ.ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ‘ਤੇ ਲਾਗੂ ਨਹੀਂ ਹੋਵੇਗਾ।
ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕ
ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।
ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।
ਜ਼ਿਲ੍ਹਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ।
ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।
ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨ੍ਹਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲ੍ਹਾ ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Leave a Reply

Your email address will not be published.


*