ਚੰਡੀਗੜ੍ਹ
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਵਿੱਚ 3154 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜਿਸ ਨਾਲ ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਪੇਂਡੂ ਰੁਜ਼ਗਾਰ ਅਤੇ ਪੇਂਡੂ ਆਜੀਵਿਕਾ ਪੈਦਾ ਕਰਕੇ ਸਰਬਪੱਖੀ ਵਿਕਾਸ ਕਰਨ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇਗਾ।
ਸ. ਭੁੱਲਰ ਨੇ ਪੇਂਡੂ ਵਿਕਾਸ ਹਿਤ ਵੱਖ-ਵੱਖ ਸਕੀਮਾਂ ਲਈ ਬਜਟ ਰਾਖਵਾਂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਰੁਜ਼ਗਾਰ ਮੁਹੱਈਆ ਕਰਵਾਉਣ ਲਈ 655 ਕਰੋੜ ਰੁਪਏ; ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ ਅਧੀਨ 20 ਕਰੋੜ ਰੁਪਏ; ਰਾਸ਼ਟਰੀ ਪੇਂਡੂ ਅਜੀਵਿਕਾ ਮਿਸ਼ਨ ਅਧੀਨ 120 ਕਰੋੜ ਰੁਪਏ ਅਤੇ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ ਅਧੀਨ 20 ਕਰੋੜ ਰੁਪਏ ਦੀਆਂ ਬਜਟ ਤਜਵੀਜ਼ਾਂ ਨਾਲ ਪੇਂਡੂ ਖੇਤਰ ਵਿੱਚ ਲੋਕਾਂ ਦਾ ਆਰਥਿਕ ਤਰੱਕੀ ਯਕੀਨੀ ਬਣੇਗੀ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਖੇਤਰ ਲਈ 550 ਕਰੋੜ ਰੁਪਏ ਅਤੇ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਲਈ 450 ਕਰੋੜ ਰੁਪਏ ਰਾਖਵੇਂ ਰੱਖਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਨੂੰ ਅਗਲੇ ਵਰ੍ਹੇ ਵੀ ਜਾਰੀ ਰੱਖਿਆ ਜਾਵੇਗਾ। ਸਕੀਮ ਲਈ ਵਿੱਤੀ ਸਾਲ 2024-25 ਦੌਰਾਨ 25 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਇਲੈਕਟ੍ਰਿਕ ਵਾਹਨ ਨੀਤੀ ਤਹਿਤ ਪ੍ਰੋਤਸਾਹਨ ਪ੍ਰਦਾਨ ਕਰਨ ਲਈ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਮੋਰਿੰਡਾ ਵਿੱਚ ਵਾਹਨ ਸਕ੍ਰੈਪਿੰਗ ਦੀ ਸਹੂਲਤ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਨਵੇਂ ਗ਼ੈਰ-ਟਰਾਂਸਪੋਰਟ ਵਾਹਨਾਂ ਨੂੰ ਮੋਟਰ ਵਾਹਨ ਟੈਕਸ ਵਿੱਚ 25 ਫ਼ੀਸਦੀ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲਗਭਗ 11 ਕਰੋੜ ਔਰਤਾਂ ਮੁਫ਼ਤ ਬੱਸ ਯਾਤਰਾ ਦਾ ਲਾਭ ਉਠਾ ਰਹੀਆਂ ਹਨ ਅਤੇ ਮੌਜੂਦਾ ਸਾਲ ਵਿੱਚ ਸਰਕਾਰ ਵੱਲੋਂ ਇਸ ਵਾਸਤੇ 450 ਕਰੋੜ ਰੁਪਏ ਉਪਲੱਬਧ ਕਰਵਾਏ ਗਏ ਸਨ ਅਤੇ ਵਿੱਤੀ ਸਾਲ 2024-25 ਲਈ ਇਸ ਸੇਵਾ ਨੂੰ ਜਾਰੀ ਰੱਖਣ ਲਈ 450 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ।
Leave a Reply