ਲੁਧਿਆਣਾ (Harjinder/Vijay Bhamri) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ-ਰਾਹੋਂ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੇ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ, ਡੀ.ਆਰ.ਓ ਗੁਰਜਿੰਦਰ ਸਿੰਘ, ਡੀ.ਐਫ.ਓ ਰਾਜੇਸ਼ ਗੁਲਾਟੀ ਅਤੇ ਪੀ.ਡਬਲਯੂ.ਡੀ ਪ੍ਰੋਵਿੰਸ਼ੀਅਲ ਡਵੀਜ਼ਨ (ਬੀ.ਐਂਡ.ਆਰ) ਸ਼ਾਖਾ ਦੇ ਕਾਰਜਕਾਰੀ ਇੰਜਨੀਅਰ ਰਣਜੀਤ ਸਿੰਘ ਸੰਧੂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਰਕਾਰ ਦੇ ਵੱਡੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ ਜਿਸ ਨਾਲ ਟਰੈਫਿਕ ਦੇ ਸੁਚਾਰੂ ਪ੍ਰਬੰਧਨ ਦਾ ਰਾਹ ਪੱਧਰਾ ਹੋਵੇਗਾ। ਇਹ ਸੜਕ ਲੁਧਿਆਣਾ ਨੂੰ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਜ਼ਿਲ੍ਹੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ-ਰਾਹੋਂ ਸੜਕ (ਲੰਬਾਈ 11.43 ਕਿਲੋਮੀਟਰ) ਦੇ ਨਵੀਨੀਕਰਨ ਦਾ ਕੰਮ 30 ਦਸੰਬਰ 2023 ਨੂੰ ਸ਼ੁਰੂ ਕੀਤਾ ਗਿਆ ਸੀ। ਇਸ ਸੜਕ ਦਾ 43.25 ਕਰੋੜ ਦੇ ਬਜਟ ਨਾਲ ਪੁਨਰ ਨਿਰਮਾਣ ਕੀਤਾ ਜਾਵੇਗਾ ਜਿਸ ਨੂੰ ਇਸ ਸਾਲ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਸਾਹਨੀ ਨੇ ਪੀ.ਡਬਲਯੂ.ਡੀ., ਜੰਗਲਾਤ, ਪੀ.ਐਸ.ਪੀ.ਸੀ.ਐਲ. ਅਤੇ ਹੋਰਾਂ ਦੇ ਅਧਿਕਾਰੀਆਂ ਨਾਲ ਸਾਈਟ ‘ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ। ਵਿਚਾਰ-ਵਟਾਂਦਰੇ ਤੋਂ ਬਾਅਦ, ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦੀ ਅਗਵਾਈ ਵਿੱਚ ਇਹਨਾਂ ਵਿਭਾਗਾਂ ਦੇ ਅਧਿਕਾਰੀਆਂ ਦਾ ਇੱਕ ਸਾਂਝਾ ਵਰਕਿੰਗ ਗਰੁੱਪ ਬਿਹਤਰ ਤਾਲਮੇਲ ਅਤੇ ਤੇਜ਼ੀ ਨਾਲ ਮੁਕੰਮਲ ਕਰਨ ਲਈ ਹਰ ਪੰਦਰਾਂ ਦਿਨਾਂ ਬਾਅਦ ਸਮੀਖਿਆ ਮੀਟਿੰਗਾਂ ਕਰੇਗਾ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਵਿਘਨ ਨਿਰਮਾਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸੜਕੀ ਬੁਨਿਆਦੀ ਢਾਂਚੇ ਲਈ ਵਚਨਬੱਧ ਹੈ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਵਧੀਆ ਸੜਕੀ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਸਖ਼ਤ ਯਤਨ ਕਰੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ।
Leave a Reply