ਮੋਗਾ( Gurjeet sandhu)
ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਪਰ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਕੈਂਪਾਂ ਦਾ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਉੱਪਰ ਹੀ ਸਰਕਾਰੀ ਸੇਵਾਵਾਂ ਮੁਹੱਈਆ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਨਿਰੰਤਰ ਜਾਰੀ ਹਨ।
ਇਨ੍ਹਾਂ ਕੈਂਪਾਂ ਦੀ ਲਗਾਤਾਰਤਾ ਵਿੱਚ ਅੱਜ ਮਨਾਵਾਂ ਵਿੱਚ ਲੱਗੇ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਕੈਂਪ ਵਿੱਚ ਵੀ ਲੋਕਾਂ ਵੱਲੋਂ ਸਰਕਾਰੀ ਸੇਵਾਵਾਂ ਦਾ ਭਰਪੂਰ ਲਾਹਾ ਲਿਆ ਗਿਆ। ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ ਉੱਪਰ ਹੀ ਮੁਹੱਈਆ ਕਰਵਾਈਆਂ ਗਈਆਂ। ਅੱਜ ਦਾ ਇਹ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲਗਾਇਆ ਗਿਆ ਸੀ, ਜਿਸ ਵਿੱਚ ਅਧਿਆਪਕਾਂ ਅਤੇ ਬਾਕੀ ਸਟਾਫ਼ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਜਾਗਰੂਕ ਕੀਤਾ ਗਿਆ। ਸਰਕਾਰੀ ਸਕੂਲਾਂ ਵਿੱਚ ਦਾਖਲ ਬੱਚਿਆਂ ਨੂੰ ਜੋ ਜੋ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਬਾਰੇ ਵੀ ਹਾਜ਼ਰੀਨ ਨੂੰ ਵਿਸਥਾਰ ਨਾਲ ਦੱਸਿਆ। ਇਸ ਕੈਂਪ ਵਿੱਚ ਗੁਰਤੇਜ ਸਿੰਘ ਨਾਇਬ ਤਹਿਸੀਲਦਾਰ ਤੋਂ ਇਲਾਵਾ ਸੇਵਾ ਕੇਂਦਰ, ਸਿਹਤ ਵਿਭਾਗ, ਲੇਬਰ ਵਿਭਾਗ, ਫੂਡ ਸਪਲਾਈ, ਵਾਟਰ ਸਪਲਾਈ, ਸਮਾਜਿਕ ਸੁਰੱਖਿਆ ਵਿਭਾਗ, ਬਿਜਲੀ ਵਿਭਾਗ ਆਦਿ ਹਾਜ਼ਰ ਸਨ।
ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਨਾਵਾਂ ਦੇ ਸਟਾਫ਼ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਮਾਪਿਆਂ ਅਤੇ ਬੱਚਿਆ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਤਰੀਕੇ ਨਾਲ ਮਿਲਣ ਵਾਲੀਆਂ ਸਹੂਲਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਦਾ ਮਕਸਦ ਸਿਰਫ ਸਰਕਾਰੀ ਸਕੂਲਾਂ ‘ਚ ਦਾਖ਼ਲਾ ਵਧਾਉਣਾ ਹੀ ਨਹੀਂ, ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ‘ਚ ਦਾਖਲਾ ਯਕੀਨੀ ਬਣਾਉਣਾ ਵੀ ਹੈ। ਅਧਿਆਪਕਾਂ ਨੇ ਦੱਸਿਆ ਕਿ ਲੰਬੀ ਗੈਰ ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ‘ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ’ ਦੇ ਨਾਹਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਸਿੱਖਿਆ ਮੰਤਰੀ ਵੱਲੋਂ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ 31 ਮਾਰਚ ਤਕ ਹਰ ਸਕੂਲ ਵਿੱਚ ਵਿਦਿਆਰਥੀਆਂ ਦੇ ਬੈਠਣ ਵਾਸਤੇ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿਚ ਤਬਦੀਲ ਕੀਤਾ ਜਾਵੇਗਾ।
ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਸਟਾਫ਼ ਵੱਲੋਂ ਮਾਪਿਆਂ ਨੂੰ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਤੇ ਉੱਚ ਗੁਣਵੱਤਾ ਵਾਲੀ ਵਿੱਦਿਆ, ਮੁਫ਼ਤ ਵਰਦੀਆਂ, ਮੁਫ਼ਤ ਕਿਤਾਬਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮਿਡ ਡੇ ਮੀਲ ਵਿੱਚ ਹੁਣ ਫਰੂਟ ਵੀ ਸ਼ਾਮਿਲ ਕਰ ਦਿੱਤੇ ਗਏ ਹਨ। ਸਕੂਲਾਂ ਵਿੱਚ ਬੱਚਿਆਂ ਨੂੰ ਐਲ.ਈ.ਡੀ. ਪ੍ਰੋਜੇਕਟਰਾਂ, ਵਾਟਰ ਕੂਲਰ, ਆਰ.ਓ., ਕੰਪਿਊਟਰ ਲੈਬ, ਲਾਇਬਰੇਰੀਆਂ, ਸਮਾਰਟ ਕਲਾਸ ਰੂਮ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਕਰਕੇ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਪ੍ਰਤੀਸ਼ਤਤਾ ਦਿਨ ਬ ਦਿਨ ਵਧ ਰਹੀ ਹੈ।
Leave a Reply