ਭਵਾਨੀਗੜ੍ਹ (ਮਨਦੀਪ ਕੌਰ ਮਾਝੀ ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਅਡਾਨੀ ਤੇ ਹੋਰ ਕਾਰਪੋਰੇਟ ਘਰਾਣਿਆਂ ਨੂੰ 9 ਜ਼ਿਲ੍ਹਿਆਂ ਵਿੱਚ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੀ ਖੁੱਲ੍ਹ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਖੇਤੀ ਮੰਡੀਆਂ ਉੱਤੇ ਸਾਮਰਾਜੀ ਕਾਰਪੋਰੇਟਾਂ ਦਾ ਕਬਜ਼ਾ ਕਰਾਉਣ ਦੀ ਸ਼ੁਰੂਆਤ ਹੈ, ਜਿਸ ਦੇ ਪਹਿਲੇ ਹੱਲੇ ਹੀ 7 ਲੱਖ 25000 ਟਨ ਕਣਕ ਦੀ ਖਰੀਦ ਉਨ੍ਹਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 9 ਸਾਇਲੋ ਖੇਤਰਾਂ ਨਾਲ ਲਗਦੀਆਂ ਸਥਿਤ 26 ਮੰਡੀਆਂ ਤੇ ਸਬਯਾਰਡਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਰਾਹੀਂ ਪੰਜਾਬ ਦੀ ਆਪ ਸਰਕਾਰ ਭਾਜਪਾ ਦੀ ਮੋਦੀ ਸਰਕਾਰ ਨਾਲੋਂ ਵੀ ਅੱਗੇ ਵਧ ਕੇ ਸਾਮਰਾਜੀ ਕਾਰਪੋਰੇਟਾਂ ਪ੍ਰਤੀ ਵਫ਼ਾਦਾਰੀ ਦਿਖਾ ਰਹੀ ਹੈ ਪਰ ਇਹ ਫੈਸਲਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
Leave a Reply