ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) ਅਟਾਰੀ ਵਿਧਾਨਸਭਾ ਹਲਕੇ ਅਧੀਨ ਪੈਂਦੇ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੋਸਾਇਟੀ, ਮਾਨਾਂਵਾਲਾ ਕਲਾਂ ਵਿਖੇ ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਮੌਕੇ ਤੇ 44 ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕੋਆਰਡੀਨੇਟਰ ਪੀ.ਡਬਲਿਉ.ਡੀ. ਧਰਮਿੰਦਰ ਸਿੰਘ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਅਗਾਮੀ ਲੋਕਸਭਾ ਚੋਣਾਂ ਵਿੱਚ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾਂ ਰਹਿ ਜਾਵੇ ਇਸ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ, ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ। ਇਸ ਮੌਕੇ ਅਟਾਰੀ ਅਸੈਂਬਲੀ ਹਲਕੇ ਦੇ ਨੋਡਲ ਅਫ਼ਸਰ ਸਵੀਪ ਕਰਮਜੀਤ ਸਿੰਘ, ਸੰਤੋਸ਼ ਕੁਮਾਰੀ, ਨੀਰਜ ਬਾਲਾ, ਅਨੀਤਾ ਬੱਤਰਾ ਅਤੇ ਅਮਰਜੀਤ ਸਿੰਘ ਵੀ ਹਾਜ਼ਰ ਸਨ।
Leave a Reply