ਸਾਕਸ਼ੀ ਸਾਹਨੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ,  ( Justice News) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ ਅਤੇ ਰੁਪਿੰਦਰਪਾਲ ਸਿੰਘ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਮੰਡੀਆਂ ਵਿੱਚ ਅਨਾਜ ਦੀ ਬਹੁਤਾਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖਰੀਦ ਅਤੇ ਲਿਫਟਿੰਗ ਦੇ ਸਮੁੱਚੇ ਕਾਰਜਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਵੱਧ ਤੋਂ ਵੱਧ ਅਦਾਇਗੀਆਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਕਾਰਜ਼ਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 217335.2 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 81.37 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 306.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ ਵੀ ਸ਼ਾਮਲ ਹੋਏ।

Leave a Reply

Your email address will not be published.


*