ਸੰਗਰੂਰ, ;;;;;: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰੂਮ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਐਮ.ਸੀ.ਐਮ.ਸੀ ਸੈੱਲ ਦੀ ਚੌਕਸੀ ਟੀਮ ਨੂੰ ਸਿਆਸੀ ਇਸ਼ਤਿਹਾਰਾਂ, ਮੁੱਲ ਦੀਆਂ ਖ਼ਬਰਾਂ (ਪੇਡ ਨਿਊਜ਼) ਤੇ ਝੂਠੀਆਂ ਖ਼ਬਰਾਂ (ਫੇਕ ਨਿਊਜ਼) ’ਤੇ ਨਜ਼ਰ ਰੱਖਣ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ-ਪੇਪਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਟੀਮਾਂ ਦੇ ਧਿਆਨ ਵਿੱਚ ਅਜਿਹਾ ਕੋਈ ਵੀ ਮਾਮਲਾ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਐਮ.ਸੀ.ਐਮ.ਸੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛਾਪਿਆ ਨਹੀਂ ਜਾ ਸਕਦਾ ਅਤੇ ਜੇਕਰ ਕੋਈ ਉਮੀਦਵਾਰ ਜਾਂ ਪਾਰਟੀ ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗੀ ਤਾਂ ਉਸ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਟੀਮਾਂ ਨੂੰ ਫੇਕ ਨਿਊਜ਼ ਜਾਂ ਅਫਵਾਹਾਂ ਫੈਲਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟ ’ਤੇ ਵੀ ਤਿੱਖੀ ਨਜ਼ਰ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਖਬਰਾਂ ਦੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਵਿਨੀਤ ਕੁਮਾਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਧੂਰੀ ਅਮਿਤ ਗੁਪਤਾ ਵੀ ਹਾਜ਼ਰ ਸਨ।
Leave a Reply