August 17, 2026

Justice News

ਅਵਾਮ ਦੀ ਆਵਾਜ਼

4 ਕਿੱਲੋ ਆਈ.ਈ.ਸੀ. ਡਰੱਗ, 1 ਕਿੱਲੋ ਹੈਰੋਇਨ ਬਰਾਮਦ ਸਮੇਤ ਇੱਕ ਵਿਅਕਤੀ ਕਾਬੂ 

ਅੰਮ੍ਰਿਤਸਰ,  ( ਰਣਜੀਤ ਸਿੰਘ ਮਸੌਣ) ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ਼ ਖੁਫ਼ੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 4 ਕਿੱਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿੱਲੋ ਹੈਰੋਇੰਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।
            ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਵੱਜੋਂ ਹੋਈ ਹੈ।
             ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
 ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿੱਲੋ ਆਈ.ਸੀ.ਈ. ਡਰੱਗ ਅਤੇ 1 ਕਿੱਲੋ ਹੈਰੋਇੰਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤੱਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 2.5.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾਂ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.