ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕਰ ਦਿੱਤਾ ਹੈ ਤੇ ਇਹ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਇਹਨਾਂ ਸਾਰੀਆਂ ਪਾਰਟੀਆਂ ਨੂੰ ਮਾਤ ਪਾ ਦੇਵੇਗਾ।
ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਆਰ ਪੀ ਸਿੰਘ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹਨਾਂ ਕਿਹਾ ਕਿ ਆਰ ਪੀ ਸਿੰਘ ਦਾ ਗੁੱਜਰ ਭਾਈਚਾਰੇ ਵਿਚ ਵੱਡਾ ਸਨਮਾਨ ਹੈ ਅਤੇ ਉਹਨਾਂ ਦੇ ਆਉਣ ਨਾਲ ਬਲਾਚੌਰ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਬਲਾਚੌਰ ਤੇ ਗੜ੍ਹਸ਼ੰਕਰ ਦਾ ਦੌਰਾ ਕੀਤਾ, ਨੇ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬੀਆਂ ਨੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਪਾਰਲੀਮਾਨੀ ਚੋਣਾਂ ਵਿਚ ਭੁਗਤਣ ਦਾ ਫੈਸਲਾ ਲੈ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨਾ ਵੀ ਔਖਾ ਹੋ ਗਿਆ ਹੈ ਤੇ ਲੋਕ ਉਹਨਾਂ ਨੂੰ ਖੁੱਲ੍ਹੇਆਮ ਸਵਾਲ ਕਰ ਰਹੇ ਹਨ ਕਿ ਉਹਨਾਂ ਨੇ ਕਿਸਾਨਾਂ, ਕਮਜ਼ੋਰ ਵਰਗਾਂ ਅਤੇ ਨੌਜਵਾਨਾਂ ਨਾਲ ਧੋਖਾ ਕਿਉਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪ੍ਰਚਾਰ ਕਰਨਾ ਔਖਾ ਹੋਇਆ ਪਿਆ ਹੈ ਤੇ ਉਹ ਲੋਕਾਂ ਨੂੰ ਪੂਰੇ ਨਾ ਕੀਤੇ ਵਾਅਦਿਆਂ ਤੇ ਸਰਕਾਰ ਦੀ ਅਸਫਲਤਾ ਬਾਰੇ ਸਵਾਲ ਪੁੱਛਣ ਤੋਂ ਰੋਕਣ ਵਾਸਤੇ ਬਹੁਤ ਜ਼ਿਆਦਾ ਸੁਰੱਖਿਆ ਫੋਰਸਾਂ ਦੀ ਵਰਤੋਂ ਕਰ ਰਹੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਲੋਕਾਂ ਵਿਚ ਰੋਸ ਫੈਸਲਣ ਮਗਰੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਬੌਖਲਾ ਗਈ ਹੈ। ਸਰਦਾਰ ਬਾਦਲ ਨੇ ਕਿਹਾ ਕਿ ਹੁਣ ਪੈਸੇ ਦੀ ਵਰਤੋਂ ਨਾਲ ਚੋਣਾਂ ਨੂੰ ਪ੍ਰਭਾਵਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਆਪ ਨੇ 150 ਵੱਡੇ ਰੀਅਸ ਅਸਟੇਟ ਵਪਾਰੀਆਂ ਨੂੰ ਆਪਣੇ ਚੋਣ ਪ੍ਰਚਾਰ ਵਾਸਤੇ 5-5 ਕਰੋੜ ਰੁਪਏ ਦੇਣ ਵਾਸਤੇ ਕਿਹਾ ਹੈ। ਉਹਨਾਂ ਕਿਹਾ ਕਿ ਰੀਅਲ ਅਸਟੇਟ ਡਵੈਲਪਰਾਂ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਹਨਾਂ ਦੇ ਪ੍ਰਾਜੈਕਟਾਂ ਵਾਸਤੇ ਸਰਕਾਰੀ ਕਲੀਅਰੰਸ ਦੀ ਜ਼ਰੂਰਤ ਪੈਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਹਨਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ ਅਤੇ ਉਹਨਾਂ ਖਿਲਾਫ ਝੂਠੇ ਕੇਸ ਵੀ ਦਰਜ ਕੀਤੇ ਜਾਣਗੇ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਭ੍ਰਿਸ਼ਟਾਚਾਰ ਦੇ ਇਹਨਾਂ ਸਾਰੇ ਕੇਸਾਂ ਦੀ ਜਾਂਚ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਕੇਬਲ ਟੀ ਵੀ ਨੈਟਵਰਕ ’ਤੇ ਕਬਜ਼ਾ ਚਾਹੁੰਦੇ ਹਨ ਤੇ ਆਬਕਾਰੀ ਘੁਟਾਲੇ ਸਮੇਤ ਭ੍ਰਿਸ਼ਟਾਚਾਰ ਦੇ ਹੋਰ ਮਾਮਲੇ ਵੱਖਰੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਇਹਨਾਂ ਸਾਰੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਆਰ ਪੀ ਸਿੰਘ ਦੇ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੀ ਆਪ ਛੱਡ ਕੇ ਅੱਜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਇਸ ਪਾਰਲੀਮਾਨੀ ਹਲਕੇ ਦੇ ਲੋਕਾਂ ਨੇ ਲਗਾਤਾਰ ਦੂਜੀ ਵਾਰ ਇਕ ਬਾਹਰਲੇ ਨੂੰ ਟਿਕਟ ਦੇਣ ਲਈ ਕਾਂਗਰਸ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਸੀਨੀਅਰ ਆਗੂ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸੁਖਦੀਪ ਸਿੰਘ ਸੂਕਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

Leave a Reply

Your email address will not be published.


*