ਲੁਧਿਆਣਾ, (Justice News) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਜਿਹੜੇ ਵਿਅਕਤੀ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟਰਡ ਵੋਟਰ ਨਹੀਂ ਹਨ, ਜਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਸ਼ਾਮਲ ਹਨ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਲੀਡਰਸ਼ਿਪ ਦੇ ਅਹੁਦੇ ‘ਤੇ ਹਨ, ਉਨ੍ਹਾਂ ਨੂੰ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਜ਼ਿਲ੍ਹੇ ਦੇ ਅੰਦਰ ਰਹਿਣ ਦੀ ਮਨਾਹੀ ਹੈ।
ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ, ਲੁਧਿਆਣਾ ਦੱਖਣੀ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਆਤਮ ਨਗਰ, ਗਿੱਲ, ਜਗਰਾਉਂ, ਦਾਖਾ (ਲੁਧਿਆਣਾ ਸੰਸਦੀ ਹਲਕੇ ਵਿੱਚ ਪੈਂਦੇ ਹਨ), ਨਾਲ ਹੀ ਖੰਨਾ, ਸਾਹਨੇਵਾਲ, ਸਮਰਾਲਾ, ਰਾਏਕੋਟ ਅਤੇ ਪਾਇਲ (ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਵਿੱਚ ਪੈਂਦੇ ਹਨ) ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਰਿਹਾਇਸ਼, ਜਿਵੇਂ ਕਿ ਹੋਟਲ, ਹੋਸਟਲ, ਗੈਸਟ ਹਾਊਸ, ਮੋਟਲ, ਇੰਨਸ, ਪੀ.ਜੀ. ਰਿਹਾਇਸ਼, ਜਾਂ ਇਸ ਤਰ੍ਹਾਂ ਦੇ ਅਦਾਰਿਆਂ ਵਿੱਚ ਅਜਿਹੇ ਵਿਅਕਤੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਨਹੀਂ ਹਨ ਅਤੇ ਕਿਸੇ ਹੋਰ ਜ਼ਿਲ੍ਹੇ ਜਾਂ ਰਾਜ ਤੋਂ ਹਨ। ਇਹ ਪਾਬੰਦੀਆਂ 30 ਮਈ ਨੂੰ ਸ਼ਾਮ 6 ਵਜੇ ਤੋਂ 1 ਜੂਨ ਤੱਕ ਵੋਟਾਂ ਪੈਣ ਤੱਕ ਲਾਗੂ ਰਹਿਣਗੀਆਂ।
ਜ਼ਿਲ੍ਹਾ ਚੋਣ ਅਫ਼ਸਰ ਨੇ ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹ ਇਹ ਯਕੀਨੀ ਬਣਾਉਣ ਲਈ ਜਿੰਮੇਵਾਰ ਹਨ ਕਿ ਜਿਲ੍ਹੇ ਅੰਦਰ ਬਾਹਰੀ ਲੋਕਾਂ ਦੀ ਕੋਈ ਰਿਹਾਇਸ਼ ਨਾ ਹੋਵੇ ਅਤੇ ਅਜਿਹੇ ਵਿਅਕਤੀਆਂ ਦੇ ਕਿਸੇ ਵੀ ਸੰਭਾਵੀ ਰਿਹਾਇਸ਼ ਲਈ ਕਲਿਆਣ ਮੰਡਪਾਂ/ਮੈਰਿਜ ਹਾਲਾਂ/ਕਮਿਊਨਿਟੀ ਹਾਲਾਂ ਦੀ ਨਿਗਰਾਨੀ ਕਰਨ। ਉਨ੍ਹਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰਿਹਾਇਸ਼ੀ ਵਿਅਕਤੀਆਂ ਨੂੰ ਟਰੈਕ ਕਰਨ ਲਈ ਲਾਜ/ਗੈਸਟ ਹਾਊਸਾਂ ਦੀ ਜਾਂਚ ਕਰਨ ਅਤੇ ਵਾਹਨਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਲਈ ਹਲਕਿਆਂ ਦੀਆਂ ਸਰਹੱਦਾਂ ‘ਤੇ ਚੈਕ ਪੋਸਟਾਂ ਸਥਾਪਤ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਨ੍ਹਾਂ ਹੁਕਮਾਂ ਨੂੰ ਸਾਰੀਆਂ ਸਿਆਸੀ ਪਾਰਟੀਆਂ, ਉਮੀਦਵਾਰਾਂ ਅਤੇ ਏਜੰਟਾਂ ਦੇ ਧਿਆਨ ਵਿੱਚ ਲਿਆਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਬਿਨਾਂ ਕਿਸੇ ਪ੍ਰਭਾਵ ਦੇ ਆਜ਼ਾਦ ਢੰਗ ਨਾਲ ਵੋਟ ਪਾਉਣ ਦੀ ਅਪੀਲ ਕੀਤੀ।
Leave a Reply