ਮੋਗਾ, 31 ਮਈ (gurjit sandhu)-” ਲੋਕ ਸਭਾ ਚੋਣਾਂ 2024 ਦੌਰਾਨ ਮਿਤੀ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਕੀਤਾ।
ਵੋਟ ਪ੍ਰਕਿਰਿਆ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰਵਾਨਗੀ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਲੋਕ ਸਭਾ ਹਲਕਾ ਫਰੀਦਕੋਟ ਦੇ ਜ਼ਿਲ੍ਹਾ ਮੋਗਾ ਵਿੱਚ ਕੁੱਲ 4 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਹਨਾਂ ਵਿੱਚ ਕੁੱਲ 7 ਲੱਖ 63 ਹਜ਼ਾਰ 054 ਵੋਟਰ ਹਨ। ਸਾਰੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸਲਿੱਪਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿੱਚ 4 ਹਲਕਿਆਂ ਲਈ ਕੁੱਲ ਪੋਲਿੰਗ ਸਟੇਸ਼ਨ 804 ਹਨ। ਜਿੱਥੇ ਕਿ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 160 ਮਾਈਕਰੋ ਆਬਜ਼ਰਵਰ ਅਤੇ 63 ਸੈਕਟਰ ਅਫ਼ਸਰ ਲਗਾਉਣ ਦੇ ਨਾਲ-ਨਾਲ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਸਮੁੱਚੀ ਵੋਟ ਪ੍ਰਕਿਰਿਆ ਉੱਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ ਉੱਤੇ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।
ਚੋਣਾਂ ਦੀ ਪੂਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਸਿਵਲ ਪ੍ਰਸਾਸ਼ਨ ਦੇ 4272 ਅਧਿਕਾਰੀ ਚੋਣ ਅਮਲੇ ਵਜੋਂ ਡਿਊਟੀ ਨਿਭਾਉਣਗੇ। ਜਦਕਿ ਵੋਟ ਪ੍ਰਕਿਰਿਆ ਨੂੰ ਸ਼ਾਂਤੀ ਪੂਰਨ ਤਰੀਕੇ ਨਾਲ ਸਿਰੇ ਚੜਾਉਣ ਲਈ ਪੰਜਾਬ ਪੁਲਿਸ ਅਤੇ ਕੇਂਦਰੀ ਫੋਰਸਾਂ ਦੇ 2484 ਜਵਾਨ ਤਾਇਨਾਤ ਕੀਤੇ ਗਏ ਹਨ। ਵੋਟਾਂ ਦੀ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ 01636-504092, ਈਮੇਲ complaintcellmoga2024@gmail.
ਸ੍ਰ ਕੁਲਵੰਤ ਸਿੰਘ ਨੇ ਵੋਟਰਾਂ, ਉਮੀਦਵਾਰਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਵਿਰੁੱਧ ਅਪਰਾਧਕ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਕਿਸੇ ਵੋਟਰ ਨੂੰ ਡਰਾ, ਧਮਕਾ ਕੇ ਜਾਂ ਸੱਟ ਫੇਟ ਮਾਰ ਕੇ ਵੋਟ ਪਵਾਉਣ ਦੀ ਸੂਰਤ ਵਿੱਚ ਦੋਸ਼ੀ ਵਿਰੁਧ ਕਾਰਵਾਈ ਕੀਤੀ ਜਾਵੇਗੀ। ਚੋਣਾਂ ਨਾਲ ਸੰਬੰਧਤ ਕਿਸੇ ਵੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 127 ਏ ਦੇ ਤਹਿਤ ਦੋਸ਼ੀ ਮੰਨਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Leave a Reply