ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ 24×7 ਫਲੱਡ ਕੰਟਰੋਲ ਰੂਮ ਸਥਾਪਿਤ

ਲੁਧਿਆਣਾ  ( Justice News) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਦੀ ਨਿਗਰਾਨੀ ਕਰਨ ਲਈ ਪ੍ਰਬੰਧਕੀ ਕੰਪਲੈਕਸ ਵਿੱਚ 24×7 ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਸਬੰਧੀ ਸੂਚਨਾ ਕੰਟਰੋਲ ਰੂਮ ਦੇ ਨੰਬਰ (161-2433100) ‘ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅਗਲੇ 15 ਦਿਨਾਂ ਲਈ ਕੰਟਰੋਲ ਰੂਮ ਵਿੱਚ ਨਿਯੁਕਤ ਸਟਾਫ ਦਾ ਡਿਊਟੀ ਰੋਸਟਰ ਵੀ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਕੰਟਰੋਲ ਰੂਮ ਦੇ ਸਟਾਫ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕਰਨ ਲਈ ਇਸ ਕੰਟਰੋਲ ਰੂਮ ਦੀ ਚੈਕਿੰਗ ਲਈ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਰੋਟੇਸ਼ਨ ਆਧਾਰ ‘ਤੇ ਵੀ ਨਿਯੁਕਤ ਕੀਤਾ ਗਿਆ ਹੈ।

ਕੰਟਰੋਲ ਰੂਮ 30 ਸਤੰਬਰ 2024 ਤੱਕ ਕਾਰਜਸ਼ੀਲ ਰਹੇਗਾ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਹੇਗਾ ਤਾਂ ਜੋ ਆਗਾਮੀ ਬਰਸਾਤੀ  ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਸੰਭਾਵੀ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਤਾਂ ਜੋ ਕਿਸੇ ਵੀ ਹੜ੍ਹ ਦੀ ਸੰਭਾਵਨਾ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਵੱਲੋਂ ਪਲਾਨ ਵੀ ਤਿਆਰ ਕੀਤਾ ਗਿਆ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

Leave a Reply

Your email address will not be published.


*