21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ

ਮੋਗਾ,  ( Manpreet singh) : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਆਯੂਸ਼ ਹਸਪਤਾਲ, ਦੁੱਨੇਕੇ ਵਿਖੇ‘ਯੋਗਾ ਫਾਰ ਸੈਲਫ ਐਂਡ ਸੁਸਾਇਟੀ’ ਥੀਮ ਤਹਿਤ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਕਈ ਨਾਮੀ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਪਹਿਲਾਂ ਤੋਂ ਹੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਨੋਡਲ ਅਫ਼ਸਰ-ਕਮ-ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਬਹਾਦਰ ਸਿੰਘ ਨਿੱਜੀ ਤੌਰ ’ਤੇ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਆਯੂਸ਼ ਹਸਪਤਾਲ ਦੁੱਨੇਕੇ ਵਿਖੇ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਲੋਅਰ/ਪਜ਼ਾਮਾ ਆਦਿ ਪਹਿਨ ਕੇ ਆਉਣ।

Leave a Reply

Your email address will not be published.


*