August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਮੋਗਾ ਨੂੰ ਹਰਾ ਭਰਾ ਬਣਾਉਣ ਲਈ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਕਰਨਗੇ ਸਹਿਯੋਗ

ਮੋਗਾ  (ਮਨਪ੍ਰੀਤ ਸਿੰਘ ) – ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਗੀਆਂ। ਇਹਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਗਾਮੀ ਮੌਨਸੂਨ ਦੌਰਾਨ ਸ਼ੁਰੂ ਕੀਤੀ ਜਾਣ ਵਾਲੀ ਇਸ ਮੁਹਿੰਮ ਦੌਰਾਨ ਰਾਊਂਡ ਗਲਾਸ ਸੰਸਥਾ ਵੱਲੋਂ 1 ਫੁੱਟ ਤੋਂ ਵੱਡੇ ਅਤੇ ਸੋਢੀ ਫਾਉਂਡੇਸ਼ਨ ਵਲੋਂ ਤਿੰਨ ਫੁੱਟ ਤੋਂ ਉੱਚੇ ਬੂਟੇ ਲਗਾਏ ਜਾਣਗੇ ਤਾਂ ਜੋ ਇਹਨਾਂ ਬੂਟਿਆਂ ਨੂੰ ਭਵਿੱਖ ਵਿੱਚ ਪਾਲਣਾ ਸੌਖਾ ਹੋ ਸਕੇ। ਪੂਰੇ ਜ਼ਿਲ੍ਹੇ ਵਿਚ 15 ਜੰਗਲ ਲਗਾਉਣ ਦਾ ਵੀ ਟੀਚਾ ਹੈ। ਜਿਹੜੇ ਪਿੰਡਾਂ ਵਿੱਚ ਇਹ ਜੰਗਲ ਲਗਾਉਣ ਦਾ ਪ੍ਰਸਤਾਵ ਹੈ, ਉਹਨਾਂ ਪਿੰਡਾਂ ਦੀ ਪਛਾਣ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜੇ ਬੂਟੇ ਦਰੱਖ਼ਤ ਪਹਿਲਾਂ ਲੱਗੇ ਹੋਏ ਹਨ, ਉਹ ਵੀ ਸਾਂਭੇ ਜਾਣਗੇ। ਨਵੇਂ ਬੂਟੇ ਉਹ ਲਾਉਣੇ ਹਨ ਜੋ ਅੱਗੇ ਬਚੇ ਰਹਿਣ।
ਉਹਨਾਂ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ।
ਉਹਨਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ ਮੌਨਸੂਨ ਸੀਜ਼ਨ ਦੌਰਾਨ ਬੂਟੇ ਲਗਾਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਕੁੱਲ 5 ਲੱਖ ਬੂਟਿਆਂ ਵਿੱਚੋਂ 1.50 ਲੱਖ ਬੂਟੇ ਜੰਗਲਾਤ ਵਿਭਾਗ ਵੱਲੋਂ ਆਪਣੇ ਪੱਧਰ ਉੱਤੇ ਲਗਾਏ ਜਾਣਗੇ ਜਦਕਿ ਬਾਕੀ ਬੂਟੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲਗਾਏ ਜਾਣਗੇ।
ਉਹਨਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਜਿਆਦਾਤਰ ਬੂਟੇ ਮਗਨਰੇਗਾ ਰਾਹੀਂ ਲਗਵਾਏ ਜਾਣ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ।
ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗੀ ਅਤੇ ਹੋਰ ਨਰਸਰੀਆਂ ਵਿੱਚ 11 ਲੱਖ ਬੂਟੇ ਤਿਆਰ ਕੀਤੇ ਗਏ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.