ਮਾਨਸਾ ( ਡਾ.ਸੰਦੀਪ ਘੰਡ)
ਪੰਜਾਬ ਵਿਚ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪਿਛਲੇ ਲੰਬੇ ਸਮੇ ਤੋ ਸੰਘਰਸ਼ ਕਰ ਰਹੀ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਦੀ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਤੋਂ ਅੱਕ ਕੇ ਜਲੰਧਰ ਦੀ ਜ਼ਿਮਨੀ ਚੋਣ ਵਿਚ ਸੱਤਾਧਾਰੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਸੀਪੀਐੱਫ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਅਤੇ ਲਕਸਵੀਰ ਸਿੰਘ ਟੋਡਰਪੁਰ ਜ਼ਿਲ੍ਹਾ ਜਨਰਲ ਸਕੱਤਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬੇ ਦੀ ਸਰਕਾਰ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਲਾਰੇ ਲਾ ਕੇ ਡੰਗ ਟਪਾ ਰਹੀ ਹੈ। ਸਰਕਾਰ ਦੀਆਂ ਇਨ੍ਹਾਂ ਲਾਰਾ ਲਾਊ ਨੀਤੀਆਂ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਪੂਰੀ ਤਰ੍ਹਾਂ ਨਿਰਾਸ਼ਾ ਦੇ ਆਲਮ ਵਿਚ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਨਾਰਾਜ਼ ਮੁਲਾਜ਼ਮਾਂ ਨੇ ਜਲੰਧਰ ਦੀ ਜ਼ਿਮਨੀ ਚੋਣ ‘ਚ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦਾ ਡੱਟਵਾਂ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।
ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 27 ਜੂਨ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਝੰਡਾ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਮੁਲਾਜ਼ਮ ਵੱਧ ਚੜ ਕੇ ਹਿੱਸਾ ਲੈਣਗੇ।
ਮੁਲਾਜ਼ਮਾਂ ਆਗੂਆਂ ਵੱਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਾਗੂ ਕਰਵਾਉਣ ਤੱਕ ਜਥੇਬੰਦੀ ਵੱਲੋ ਵਿੱਢਿਆ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਜਿਸ ਤੋ ਨਿਕਲਣ ਵਾਲੇ ਨਤਜਿਆਂ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ,
ਜਸਕਰਨ ਬਰ੍ਰੇ, ਭੁਪਿੰਦਰ ਸਿੰਘ ਤੱਗੜ, ਅਮਰਿੰਦਰ ਸਿੰਘ ਗਿੱਲ,ਪਰਵਾਜਪਾਲ, ਸਿੰਘ ਰਵਿੰਦਰ ਸਿੰਘ, ਪ੍ਰਦੀਪ ਸ਼ਰਮਾ, ਅਵਤਾਰ ਸਿੰਘ, ਬਲਕਰਨ ਸਿੰਘ, ਕਰਮਜੀਤ ਖੀਵਾ, ਜਸਵਿੰਦਰ ਕੁਮਾਰ, ਗੁਰਲਾਲ ਸਿੰਘ ਹਾਜ਼ਰ ਸਨ।
Leave a Reply