August 17, 2026

Justice News

ਅਵਾਮ ਦੀ ਆਵਾਜ਼

ਭਾਈ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਡਿਬੜੂਗੜ੍ਹ ਜ਼ੇਲ੍ਹ ‘ਚੋਂ ਸਿੱਧੇ ਸੰਸਦ ਜਾ ਕੇ ਚੁੱਕਣਗੇ ਸਹੁੰ ! 4 ਦਿਨਾਂ ਦੀ ਮਿਲੀ ਪੈਰੋਲ

Oplus_131072

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵੱਜੋਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਮਿਲ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਦਿੱਤੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ਵਿੱਚ ਸਹੁੰ ਚੁੱਕਣਗੇ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸੰਸਦ ਮੈਂਬਰ ਵੱਲੋਂ ਪ੍ਰਾਪਤ ਹੋਈ ਦਰਖ਼ਾਸਤ ’ਤੇ ਸਾਰੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਮਗਰੋਂ ਇਹ ਸਿਫ਼ਾਰਸ਼ ਕੀਤੀ ਸੀ। ਇਹ ਪੈਰੋਲ 5 ਜੁਲਾਈ ਤੋਂ 9 ਜੁਲਾਈ ਤੱਕ ਦਿੱਤੀ ਗਈ ਹੈ। ਇਸ ਦੀਆਂ ਸ਼ਰਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਵੀ ਦੱਸ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜ਼ੇਲ੍ਹ ਵਿੱਚ ਬੰਦ ਹੈ। ਜ਼ੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜੀ ਅਤੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1.97 ਲੱਖ ਵੋਟਾਂ ਨਾਲ ਹਰਾਇਆ ਸੀ।
ਸੰਸਦ ਮੈਂਬਰ ਬਣਨ ਤੋਂ ਬਾਅਦ ਰਾਜਦੇਵ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਉਨ੍ਹਾਂ ਨੂੰ ਸਹੁੰ ਚੁੱਕਣ ਦੀ ਮੰਗ ਕਰ ਰਹੇ ਸਨ। ਇਸ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਜ਼ੇਲ੍ਹ ਸੁਪਰਡੈਂਟ ਨੂੰ ਪੱਤਰ ਵੀ ਲਿਖ ਕੇ ਸਹੁੰ ਚੁੱਕਣ ਲਈ ਕਿਹਾ ਗਿਆ ਸੀ। ਇਹ ਪੱਤਰ ਜ਼ੇਲ੍ਹ ਸੁਪਰਡੈਂਟ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ ਗਿਆ ਸੀ। ਇੱਥੋਂ ਪੰਜਾਬ ਸਰਕਾਰ ਅਤੇ ਫ਼ਿਰ ਪੰਜਾਬ ਸਰਕਾਰ ਨੇ ਇਹ ਪੱਤਰ ਲੋਕ ਸਭਾ ਸਪੀਕਰ ਨੂੰ ਭੇਜਿਆ ਹੈ।
ਇਹ ਸਿਫ਼ਾਰਿਸ਼ ਡਿਪਟੀ ਕਮਿਸ਼ਨਰ ਨੇ ਸਮੁੱਚੀ ਜਾਂਚ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਕੀਤੀ ਹੈ।  ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਇਸ ਦੀ ਮਨਜ਼ੂਰੀ ਦਿੱਤੀ ਗਈ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੀਆਂ ਸਾਰੀਆਂ ਸ਼ਰਤਾਂ ਵੀ ਡਿਬਰੂਗੜ੍ਹ ਜ਼ੇਲ੍ਹ ਭੇਜ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.