ਭਵਾਨੀਗੜ੍ਹ (ਮਨਦੀਪ ਕੌਰ ਮਾਝੀ ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅੱਜ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਸਮੂਰਾਂ ਵਿਖੇ ਲਗਾਏ ਲੋਕ ਸੁਵਿਧਾ ਕੈਂਪ ਵਿੱਚ ਨਾਗਰਿਕਾਂ ਨੂੰ ਮੌਕੇ ‘ਤੇ ਹੀ ਭਲਾਈ ਸਕੀਮਾਂ ਦਾ ਲਾਭ ਅਤੇ ਹੋਰ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਲਗਾਏ ਗਏ ਇਸ ਕੈਂਪ ਵਿੱਚ ਪਿੰਡ ਸਮੂਰਾਂ ਤੋਂ ਇਲਾਵਾ ਸਿਹਾਲ, ਸਫੀਪੁਰ ਖੁਰਦ ਅਤੇ ਮੁਨਸ਼ੀਵਾਲਾ ਪਿੰਡਾਂ ਦੇ ਵਸਨੀਕਾਂ ਨੇ ਵੀ ਇਸ ਲੋਕ ਪੱਖੀ ਪਹਿਲ ਤਹਿਤ ਆਪਣੇ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਹਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਬਜ਼ੁਰਗਾਂ ਨੂੰ ਮੌਕੇ ਤੇ ਹੀ ਬੁਢਾਪਾ ਪੈਨਸ਼ਨ ਲਾਏ ਜਾਣ ਦੇ ਮਨਜ਼ੂਰੀ ਪੱਤਰ ਦਿੱਤੇ ਅਤੇ ਨਾਲ ਹੀ ਹੋਰਨਾਂ ਨਾਗਰਿਕਾਂ ਨੂੰ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਬੂਤ ਵਰਗੀਆਂ ਸੇਵਾਵਾਂ ਦੇ ਪੱਤਰ ਵੰਡੇ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕਰਨ ਲਈ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਸਮੂਹ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ ਤੇ ਕਰਮਚਾਰੀ ਖੁਦ ਲੋਕਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਵਾਸੀਆਂ ਨੂੰ ਲੋਕ ਸੁਵਿਧਾ ਕੈਂਪਾਂ ਰਾਹੀਂ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੰਗਰੂਰ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਲੋਕ ਸੁਵਿਧਾ ਕੈਂਪ ਲਗਾਤਾਰ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਦੀ ਬੁਰੀ ਆਦਤ ਵਿੱਚ ਫ਼ਸੇ ਲੋਕਾਂ ਦਾ ਇਲਾਜ ਵੀ ਮੁਫ਼ਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਿਆਂ ਬਾਰੇ ਕੋਈ ਜਾਣਕਾਰੀ ਪ੍ਰਸ਼ਾਸਨ ਜਾਂ ਪੁਲਿਸ ਨਾਲ ਸਾਂਝੀ ਕਰੇਗਾ ਤਾਂ ਉਸਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵੀ ਹਾਜ਼ਰ ਸਨ।
Leave a Reply