ਵਿਧਾਇਕ ਭਰਾਜ ਨੇ ਭੇਡਾਂ-ਬੱਕਰੀਆਂ ਦੇ ਮਰਨ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ 8.30 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ

ਸੰਗਰੂਰ   :::::::::::::- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਰਾਮਗੜ੍ਹ ਵਿਖੇ ਪਿਛਲੇ ਦਿਨੀਂ ਅੱਗ ਦੀ ਲਪੇਟ ਵਿੱਚ ਆਉਣ ਨਾਲ ਭੇਡਾਂ ਅਤੇ ਬੱਕਰੀਆਂ ਮਰਨ ਦੇ ਮਾਮਲੇ ਵਿੱਚ ਮਾਲਕ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੁਕਸਾਨ ਦੇ ਮੁਆਵਜ਼ੇ ਵਜੋਂ 8 ਲੱਖ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਤੂੜੀ ਸੜਨ ਅਤੇ ਅੱਗ ਕਾਰਨ ਹੀ ਹੋਏ ਸ਼ੈੱਡ ਦੇ ਨੁਕਸਾਨ ਦੇ 2 ਹੋਰਨਾਂ ਵੱਖ-ਵੱਖ ਮਾਮਲਿਆਂ ਲਈ ਕ੍ਰਮਵਾਰ 1 ਲੱਖ 12 ਹਜ਼ਾਰ ਅਤੇ 19 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ।
          ਵਿਧਾਇਕ ਭਰਾਜ ਨੇ ਦੱਸਿਆ ਕਿ ਗੁਰਚਰਨ ਸਿੰਘ ਪੁੱਤਰ ਇੰਦਰ ਸਿੰਘ ਦੇ ਸ਼ੈੱਡ ਅਤੇ ਰਾਜਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਘਨੌੜ ਜੱਟਾਂ ਦੇ ਤੂੜੀ ਵਾਲੇ ਕੁੱਪ ਨੂੰ ਅੱਗ ਲੱਗ ਜਾਣ ਕਾਰਨ ਇਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੁਸ਼ਕਿਲ ਦੇ ਦੌਰ ਵਿੱਚ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹਦੀ ਆਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉੱਦਮ ਸਦਕਾ ਕੁਝ ਹੀ ਸਮੇਂ ਵਿੱਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਜਿਹੜੀ ਡਿਊਟੀ ਲਗਾਈ ਗਈ ਹੈ ਕਿ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।
          ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ।

Leave a Reply

Your email address will not be published.


*