Oplus_131072

ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤੱਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 7 ਕਿੱਲੋ ਹੈਰੋਇਨ, 5 ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ 

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤੱਸਕਰੀ ਨੂੰ ਵੱਡਾ ਝੱਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਹਮਾਇਤ ਪ੍ਰਾਪਤ ਨਸ਼ਾ ਤਸੱਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ ਵਿੱਚੋਂ 7 ਕਿੱਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ।
ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫ਼ੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ ( ਤਰਨ ਤਾਰਨ ) ਅਤੇ ਜਗਵੰਤ ਸਿੰਘ ਵਾਸੀ  ਮਹੱਦੀਪੁਰ ਵੱਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜ਼ਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ ਨੰਬਰ ਪੀਬੀ 38 ਡੀ 1759 ਨੂੰ ਵੀ ਜ਼ਬਤ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਆਪਣੀ ਸਵਿਫ਼ਟ ਡਿਜ਼ਾਇਰ ਕਾਰ ’ਤੇ ਸਵਾਰ ਹੋ ਕੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਇਸ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਘਰਿੰਡਾ ਦੇ ਖੇਤਰ ਪਿੰਡ ਮੁਹਾਵਾ ਦੇ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀਆਂ ਨੂੰ 5 ਪਿਸਤੌਲ ਅਤੇ ਗੋਲੀ ਸਿੱਕੇ ਸਮੇਤ ਕਾਬੂ ਕੀਤਾ।
  ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵੱਲੋਂ ਹਥਿਆਰਾਂ ਦੇ ਨਾਲ-ਨਾਲ ਹੈਰੋਇਨ ਵੀ ਪ੍ਰਾਪਤ ਕੀਤੀ ਗਈ ਸੀ, ਜੋ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਛੁਪਾ ਕੇ ਰੱਖੀ ਹੋਈ ਹੈ।  ਉਨ੍ਹਾਂ ਦੇ ਖੁਲਾਸੇ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਟਿਕਾਣੇ ’ਤੇ ਛਾਪੇਮਾਰੀ ਕੀਤੀ ਅਤੇ 7 ਕਿੱਲੋ ਹੈਰੋਇਨ ਬਰਾਮਦ ਕਰ ਲਈ।
  ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ  ਅਨੁਸਾਰ ਫ਼ੜੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਤੱਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤੱਸਕਰੀ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰ ਰਹੇ ਸਨ।
  ਇਸ ਸਬੰਧੀ ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਪਾਕਿਸਤਾਨ ਅਧਾਰਿਤ ਤੱਸਕਰ ਅਤੇ  ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਇਨ੍ਹਾਂ ਵਿਅਕਤੀਆਂ ਨੇ ਹਥਿਆਰਾਂ ਦੀ ਇਹ ਖੇਪ ਪਹੁੰਚਾਉਣ ਸੀ, ਉਹਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ਼ ਤਹਿਤ ਗ੍ਰਿਫ਼ਤਾਰ ਕੀਤੇ ਗਏ ਤਸੱਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
ਇਸ ਸਬੰਧੀ ਐਫ.ਆਈ.ਆਰ. 170 ਮਿਤੀ 16/7/2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published.


*