ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

ਲੁਧਿਆਣਾ, 19 ਜੁਲਾਈ (ਗੁਰਵਿੰਦਰ ਸਿੱਧੂ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ।

ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਚਰਚਾ ਅਤੇ ਬਹਿਸ ਕਰਨ ਦੇ ਯੋਗ ਹੋਣਗੇ, ਇਸ ਤਰ੍ਹਾਂ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਛੋਟੀ ਉਮਰ ਵਿੱਚ ਹੀ ਉਨ੍ਹਾਂ ਦੀ ਨਾਗਰਿਕ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਨਾਲ ਉਹ ਇੱਕ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵੀ ਬਣ ਸਕਣਗੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ ‘ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ ‘ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅਤੇ ਆਪਣੇ ਅਧਿਕਾਰਾਂ ਬਾਰੇ ਵੀ ਖੁੱਲ੍ਹ ਕੇ ਗੱਲ ਕਰ ਸਕਦੇ ਹਨ। ਉਨ੍ਹਾਂ 45 ਸਕੂਲਾਂ ਦੀ ਵੀ ਸ਼ਲਾਘਾ ਕੀਤੀ ਜਿੱਥੇ ਮੀਆਂਵਾਕੀ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਵੇਕ ਅੱਪ ਲੁਧਿਆਣਾ ਮਿਸ਼ਨ ਤਹਿਤ ਬੱਚਿਆਂ ਵੱਲੋਂ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਭਵਿੱਖ ਲਈ ਤਿਆਰ ਕਰਮਚਾਰੀਆਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਸਕੂਲਾਂ ਵਿੱਚ ਜਲਦ ਹੀ ਏ.ਆਈ. ਸਿਖਲਾਈ ਸ਼ੁਰੂ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ਿਲ੍ਹੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਲ ਨਵੰਬਰ-ਦਸੰਬਰ ਵਿੱਚ ਕਰਵਾਏ ਸਰਵੇਖਣ ਅਨੁਸਾਰ ਇੱਕ ਸਕੂਲ ਦੇ 219 ਬੱਚਿਆਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 190 ਬੱਚਿਆਂ ਨੇ ਦਾਖਲਾ ਲਿਆ ਸੀ। ਬਾਕੀ 20 ਵਿਦਿਆਰਥੀ ਆਪਣੇ ਜੱਦੀ ਰਾਜਾਂ ਨੂੰ ਵਾਪਸ ਪਰਤ ਗਏ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਮੌਜੂਦਾ ਉਸਾਰੀ ਗਤੀਵਿਧੀਆਂ, ਮਿਡ ਡੇ ਮੀਲ ਪ੍ਰੋਗਰਾਮ, ਸਟੂਡੈਂਟ ਸਪੋਰਟ ਅਸਿਸਟੈਂਸ (ਐਸ.ਐਸ.ਏ.) ਪ੍ਰੋਗਰਾਮਾਂ, ਈ-ਪੰਜਾਬ ਪੋਰਟਲ, ਦਿਵਿਆਂਗ ਵਿਦਿਆਰਥੀਆਂ ਲਈ ਸਮਾਵੇਸ਼ੀ ਸਿੱਖਿਆ, ਯੂਡੀਆਈਜ਼ ਸਰਵੇਖਣ, ਅਨਾਜ ਦੀ ਵੰਡ, ਟਾਇਲਟ ਸਹੂਲਤਾਂ ਅਤੇ ਹੋਰ ਬਹੁਤ ਕੁਝ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਐਮ.ਪੀ. ਲੈਡ ਸਕੀਮ ਅਧੀਨ ਸ਼ੁਰੂ ਕੀਤੇ ਪ੍ਰੋਜੈਕਟਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਈ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮਜ਼਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published.


*