ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Leave a Reply