ਅਜਨਾਲਾ (ਰਣਜੀਤ ਸਿੰਘ ਮਸੌਣ/ਕਾਲਾ ਸਲਵਾਨ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸ਼ਹਿਰ ਦੀਆਂ ਸੜਕਾਂ ਤੋਂ ਕੂੜਾ ਚੁੱਕਣ ਲਈ ਖਰੀਦੇ ਗਏ ਨਵੇਂ ਟਰੈਕਟਰ ਨੂੰ ਲੋਕਾਂ ਦੇ ਸਪੁਰਦ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਲੱਗਣ ਵਾਲੀਆਂ 200 ਦੇ ਕਰੀਬ ਸਟਰੀਟ ਲਾਈਟਾਂ ਲਈ ਵਿਭਾਗ ਵੱਲੋਂ 92 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਅਤੀ ਆਧੁਨਿਕ ਲਾਈਟਾਂ ਮੁੱਖ ਚੌਰਾਹਿਆਂ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ਉੱਤੇ ਲਗਾਈਆਂ ਜਾਣਗੀਆਂ ।
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਲਈ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਰਹਿੰਦੀਆਂ ਗਲੀਆਂ ਸੜਕਾਂ ਦਾ ਕੰਮ ਪੂਰਾ ਕਰਵਾ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਚੋਗਾਵਾਂ ਅਜਨਾਲਾ ਰੋਡ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਅਤੇ ਬਰਸਾਤ ਖ਼ਤਮ ਹੋਣ ਮਗਰੋਂ ਇਹ ਕੰਮ ਪੂਰਾ ਹੋ ਜਾਵੇਗਾ ।
ਕੈਬਨਟ ਮੰਤਰੀ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਦੋ ਮਸ਼ੀਨਾਂ ਆਉਣ ਵਾਲੇ ਦਿਨਾਂ ਵਿੱਚ ਮਿਲਣਗੀਆਂ, ਜਿਸ ਨਾਲ ਗਲੀਆਂ ਤੇ ਸੜਕਾਂ ਨੂੰ ਸਾਫ਼ ਕਰਨਾ ਆਸਾਨ ਹੋ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੇ ਘਰਾਂ ਵਿੱਚੋਂ ਕੂੜਾ ਚੁੱਕਣ ਲਈ ਸਬੰਧਿਤ ਏਜੰਸੀ ਨੂੰ ਕੰਮ ਅਲਾਟ ਕਰ ਦਿੱਤਾ ਗਿਆ ਹੈ ਜੋ ਕਿ ਛੇਤੀ ਹੀ ਸ਼ੁਰੂ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
Leave a Reply