15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ – ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ

ਈਸੜੂ, ਖੰਨਾ,(ਲੁਧਿਆਣਾ) 2 ਅਗਸਤ ( Justice News) – ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚਣਗੇ।

ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁਕਰਵਾਰ ਨੂੰ ਆਪਣੇ ਦਫਤਰ ਖੰਨਾ ਵਿਖੇ ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਿੰਡ ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਪਹੁੰਚ ਕੇ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਇਸ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ।

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਵਿਧਾਇਕ ਸੌਂਦ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਸ਼ਮਿਆਨਾ ਆਦਿ ਲਗਾਉਣ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

Leave a Reply

Your email address will not be published.


*