ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਸਪਸ਼ਟੀਕਰਨ ‘ਚ ਹੋਈਆਂ ਭੁੱਲਾਂ ਆਪਣੀ ਝੋਲੀ ਪਵਾਈਆਂ 

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ ) ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਮਾਫ਼ੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ਦੇ ਵਿੱਚ ਸਪੱਸ਼ਟੀਕਰਨ ਮੰਗਿਆ ਸੀ। ਜਿਸ ਨੂੰ ਦੇਖਦੇ ਹੋਏ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੰਦ ਲਿਫ਼ਾਫ਼ਾ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸੰਗਤਾਂ ਵੱਲੋਂ ਲਗਾਤਾਰ ਮੰਗ ਕੀਤੀ ਜਾਂ ਰਹੀ ਸੀ ਕਿ ਬੰਦ ਲਿਫ਼ਾਫ਼ੇ ਦੇ ਸਪੱਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਕੱਤਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਨੂੰ ਜਨਤਕ ਕੀਤਾ ਤੇ ਉਹਨਾਂ ਦਾ ਕਹਿਣਾ ਕਿ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫ਼ੈਸਲਾ ਦੇਣਗੇ।
ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜ਼ੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪੱਸ਼ਟੀਕਰਨ ਵਿੱਚ ਲਿਖਿਆ ਹੈ ਕਿ 24 ਸਤੰਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਮਾਮਲੇ ਵਿੱਚ ਗੁਰਮਤਾ ਕੀਤਾ ਗਿਆ ਸੀ। ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੱਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ। ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪੱਸ਼ਟੀਕਰਨ ਦੇ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਲੀਡਰਾਂ ਵੱਲੋਂ ਮਾਫ਼ੀਨਾਮਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਨੂੰ ਸੌਂਪਿਆ ਗਿਆ ਹੈ, ਜੋ ਵੀ ਸਾਡੇ ਖਿਲਾਫ਼ ਲਿਖਕੇ ਉਹਨਾਂ ਨੇ ਦਿੱਤਾ ਹੈ। ਉਸ ਸਭ ਨੂੰ ਉਹ ਆਪਣੀ ਝੋਲੀ ਪਵਾਉਂਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਹੁਕਮ ਦਿੱਤਾ ਜਾਵੇਗਾ ਉਹ ਸਾਨੂੰ ਪ੍ਰਵਾਨ ਹੋਵੇਗਾ।

Leave a Reply

Your email address will not be published.


*