ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ 16 ਅਗਸਤ ਨੂੰ  ਸੁਤੰਤਰ ਭਵਨ ਵਿਖੇ

ਸੰਗਰੂਰ   (ਮਾਸਟਰ ਪਰਮਵੇਦ)
ਅਰੁੰਧਤੀ ਰਾਏ , ਪੋ੍ਫੈਸਰ  ਸ਼ੇਖ ਸ਼ੌਕਤ ਹੁਸੈਨ ਖਿਲਾਫ  ਯੂ .ਏ .ਪੀ .ਏ. ਅਧੀਨ ਕੇਸ ਚਲਾਉਣ ਦੀ ਮਨਜ਼ੂਰੀ ਦੇਣ  ਅਤੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੀ ਮੁਹਿੰਮ ਨੂੰ ਅੱਗੇ ਵਧਾਉਣ ਲਈ  ਸੂਬਾ ਪੱਧਰੀ ਕਨਵੈਨਸ਼ਨ ਵਿੱਚ ਲ‌ਏ ਗ‌ਏ ਫੈਸਲਿਆਂ ਨੂੰ  ਸੰਗਰੂਰ ਜ਼ਿਲ੍ਹੇ ਵਿੱਚ ਲਾਗੂ ਕਰਨ   ਲਈ  ਜਨਤਕ ਜਮਹੂਰੀ ਜਥੇਬੰਦੀਆਂ ਦੀ ਜ਼ਿਲ੍ਹਾ ਪੱਧਰੀ ਸਾਂਝੀ ਮੀਟਿੰਗ 16 ਅਗਸਤ , ਸ਼ੁਕਰਵਾਰ ,ਨੂੰ    11ਵਜੇ ਤੇਜਾ ਸਿੰਘ ਸੁਤੰਤਰ ਭਵਨ,   ਨੇੜੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਹੋਵੇਗੀ। ਇਹ  ਫੈਸਲਾ ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੀ ਹੋਈ ਸਾਂਝੀ ਮੀਟਿੰਗ   ਵਿੱਚ ਕੀਤਾ ਗਿਆ।
ਜਗਜੀਤ ਸਿੰਘ ਭੁਟਾਲ ਅਤੇ ਮਾਸਟਰ ਪਰਮ ਵੇਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਲੇਖਕਾਂ, ਵਕੀਲਾਂ,ਬੁਧੀਜੀਵੀਆਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਸ਼ਹਿਰੀ ਨਕਸਲੀ ਗ਼ਰਦਾਨ ਕੇ ਯੂ. ਏ. ਪੀ. ਏ. ਲਗਾ ਕੇ ਝੂਠੇ ਕੇਸਾਂ ਵਿੱਚ ਸਾਲਾਂ ਬੱਧੀ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ। ਇਸੇ ਲੜੀ ਵਿਚ ਹੁਣ 14 ਸਾਲ ਪੁਰਾਣੇ ਕੇਸ ਵਿੱਚ ਸੰਸਾਰ ਪ੍ਰਸਿੱਧ ਲੇਖਕਾ ਅਰੁੰਧਤੀ ਰਾਏ ਅਤੇ ਪ੍ਰੋ ਸ਼ੇਖ ਸੌਕਤ ਹੁਸੈਨ ਉੱਪਰ ਯੂ ਏ ਪੀ ਏ ਲਗਾਉਣ ਦੀ ਮਨਜ਼ੂਰੀ ਦੇ ਕੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰਨ ਦੀ ਵਿਉਂਤਬੰਦੀ ਕੀਤੀ ਗਈ ਹੈ। ਦੇਸ਼ ਵਿਚ ਚਲ ਰਹੇ ਫੌਜਦਾਰੀ ਕਾਨੂੰਨਾਂ ਨੂੰ ਬਸਤੀਵਾਦੀ ਕਹਿ ਕੇ ਪਾਸ ਕੀਤੇ ਨਵੇਂ ਤਿੰਨ ਫੌਜਦਾਰੀ ਕਾਨੂੰਨ ਲਾਗੂ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਬਣ ਰਹੇ  ਲੇਖਕਾਂ, ਪੱਤਰਕਾਰਾਂ , ਬੁਧੀਜੀਵੀਆਂ ਅਤੇ ਕਾਰਪੋਰੇਟ ਲੁੱਟ ਖਿਲਾਫ ਸੰਘਰਸ਼ ਕਰ ਰਹੇ ਲੋਕਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਲਈ ਪੁਲਿਸ ਨੂੰ ਅਥਾਹ ਸ਼ਕਤੀਆਂ ਦਿਤੀਆਂ ਗਈਆਂ ਹਨ।
ਇਸ ਤਰ੍ਹਾਂ ਰੋਲਟ ਐਕਟ ਵਰਗੇ ਇਹਨਾਂ ਕਾਨੂੰਨਾਂ ਨੂੰ ਲਾਗੂ ਕਰਕੇ ਦੇਸ਼ ਵਿਚ ਅਣ ਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਜਿਸ ਦੇ ਵਿਰੋਧ ਵਿਚ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਸਾਂਝਾ ਪਲੇਟਫਾਰਮ ਉਸਾਰ ਕੇ 21ਜੁਲਾਈ ਨੂੰ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਅਗਲੀ ਲੜੀ ਵਿਚ ਕਾਨੂੰਨਾਂ ਸੰਬੰਧੀ ਆਮ ਲੋਕਾਂ ਨੂੰ ਚੇਤੰਨ ਕਰਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਜਮਹੂਰੀ ਅਧਿਕਾਰ ਸਭਾ ਦੇ  ਆਗੂ ਸਵਰਨਜੀਤ ਸਿੰਘ,  ਕੁਲਦੀਪ ਸਿੰਘ,  ਮਨਧੀਰ ਸਿੰਘ  ,ਕੁਲਵਿੰਦਰ ਬੰਟੀ, ਹਰਗੋਬਿੰਦ ਸਿੰਘ ਸ਼ੇਖਪੁਰੀਆ, ਜੁਝਾਰ ਸਿੰਘ , ਰਘਬੀਰ ਭੁਟਾਲ, ਲਛਮਣ ਅਲੀਸ਼ੇਰ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਲੈਕਚਰਾਰ ਕ੍ਰਿਸ਼ਨ ਸਿੰਘ, ਸੀਤਾ ਰਾਮ ਅਤੇ ਗੁਰਦੀਪ ਸਿੰਘ ਸ਼ਾਮਲ ਸਨ।

Leave a Reply

Your email address will not be published.


*