ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਹੋਵੇਗਾ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਗਠਨ

ਮੋਗਾ ( ਮਨਪ੍ਰੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਮੇਂ ਉਤੇ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਲੜੀ ਨੂੰ ਹੋਰ ਮਜਬੂਤ ਕਰਨ ਲਈ ਹੁਣ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਸਪੈਸ਼ਲ ਸੈੱਲ ਦਾ ਵੀ ਗਠਨ ਕੀਤਾ ਜਾ ਰਿਹਾ ਹੈ ਜਿਸ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਉਣ ਦੇ ਨਾਲ ਨਾਲ ਨਸ਼ਾ ਕਰਨ ਵਾਲੇ ਰੋਗੀਆਂ ਦੀ ਪਛਾਣ ਕਰਕੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਢੁਕਵਾਂ ਇਲਾਜ ਕਰਵਾਉਣ, ਉਨ੍ਹਾਂ ਦੇ ਸਿਹਤਯਾਬ ਹੋਣ ਮਗਰੋਂ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਵੀ ਸਰਗਰਮ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਵਜੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਪੈਦਾ ਕਰਨ ਲਈ ਇਹ ਸਪੈਸ਼ਲ ਸੈੱਲ ਗਠਿਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਸੈਲ ਕਾਰਜਸ਼ੀਲ ਰਹੇਗਾ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹਰ ਯੋਗ ਉਪਰਾਲੇ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਸਮੂਹ ਧਿਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜ਼ਿਲਾ ਮੋਗਾ ਵਿੱਚ ਪਹਿਲਾਂ ਤੋਂ ਹੀ ਕਾਰਜਸ਼ੀਲ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਦਾ ਸਹਿਯੋਗ ਲੈਂਦੇ ਹੋਏ  ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀਆਂ ਮੀਟਿੰਗਾਂ ਦੌਰਾਨ ਸਮੇਂ ਸਮੇਂ ’ਤੇ ਜਾਰੀ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਜੋਂ ਹਰ ਸਬ ਡਵੀਜ਼ਨ ਵਿੱਚ ਵੀ ਵਿਸ਼ੇਸ਼ ਸੈਲ ਦਾ ਗਠਨ ਕੀਤਾ ਜਾਵੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਚੇਤਨਤਾ ਪੈਦਾ ਕਰਦੇ ਹੋਏ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਲਾਂ ਵਿੱਚ ਵੱਧ ਤੋਂ ਵੱਧ ਸਮਾਜ ਸੇਵੀ ਸੰਗਠਨਾਂ, ਖੇਡ ਕਲੱਬਾਂ, ਯੂਥ ਕਲੱਬਾਂ, ਐਨ.ਜੀ.ਓਜ਼ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਇਸ ਮੁਹਿੰਮ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਨਿੱਗਰ ਯੋਗਦਾਨ ਪਾ ਸਕਦੇ ਹਨ ਕਿਉਂਕਿ ਉਨ੍ਹਾਂ ਵਰਕਰਾਂ ਦੀ ਹਰ ਘਰ ਵਿੱਚ ਪਹੁੰਚ ਹੁੰਦੀ ਹੈ ਅਤੇ ਘਰੇਲੂ ਸੁਆਣੀਆਂ ਨੂੰ ਨਸ਼ਿਆਂ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਪਿੰਡ ਤੇ ਸ਼ਹਿਰ ਦੇ ਹਰ ਘਰ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਹੋਕਾ ਪੁੱਜਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਮਾਪੇ ਵੀ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚੌਕਸ ਰਹਿ ਸਕਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

Leave a Reply

Your email address will not be published.


*