ਭਾਕਿਯੂ ਏਕਤਾ ਡਕੌਂਦਾ ਨੇ ਪੰਜਾਬ ਭਰ ‘ਚ ਥਾਂ-ਥਾਂ ਮੰਤਰੀਆਂ ਦਾ ਕਾਲੇ ਝੰਡਿਆਂ ਨਾਲ ਕੀਤਾ ਸਵਾਗਤ 

ਚੰਡੀਗੜ੍ਹ   (ਬਿਊਰੋ )  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਮੁਜ਼ਾਹਰੇ ਕੀਤੇ ਗਏ।
ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਸਖ਼ਤ ਰੋਸ ਜ਼ਾਹਰ ਕਰਦੇ ਆਂ ਕਿਹਾ ਕਿ ਪੰਜਾਬ ਸਰਕਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਜਬਰਦਸਤੀ ਖੋਹਣਾ ਚਾਹੁੰਦੀ ਹੈ ਅਤੇ ਉੱਪਰਲੇ ਮਨੋਂ ਕਿਸਾਨਾਂ ਨੂੰ ਇਨਸਾਫ ਦੇਣ ਦੇ ਵਾਅਦੇ ਵੀ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕਰਵਾਉਣ ਅਤੇ ਇਰਾਦਾ ਕਤਲ ਦੇ ਦੋਸ਼ੀ ਕੁੱਲਰੀਆਂ ਦੇ ਰਾਜੂ ਸਰਪੰਚ ਨੂੰ ਗ੍ਰਿਫਤਾਰ ਕਰਵਾਉਣ ਲਈ ਪਿਛਲੇ ਲਗਭਗ ਡੇਢ ਸਾਲ ਤੋਂ ਸ਼ਾਂਤਮਈ ਸੰਘਰਸ਼ ਜਾਰੀ ਹੈ ਪਰ ਸਰਕਾਰ ਨੂੰ ਸ਼ਾਂਤਮਈ ਸੰਘਰਸ਼ਾਂ ਦੀ ਬੋਲੀ ਸਮਝ ਨਹੀਂ ਆਉਂਦੀ। ਉਹਨਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿੰਗ ਵਿੱਚ ਅਤੇ ਉਸ ਤੋਂ ਬਾਅਦ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਕੁਲਵੰਤ ਸਿੰਘ ਪੰਡੋਰੀ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਗੱਲਬਾਤ ਹੋਈ ਹੈ। ਮਾਨਸਾ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਤਾਂ ਹਰ ਹਫਤੇ ਹੀ ਗੱਲਬਾਤ ਹੁੰਦੀ ਹੈ। ਸਾਰੇ ਹੀ ਕਹਿੰਦੇ ਹਨ ਕਿ ਕਿਸਾਨਾਂ ਅਤੇ ਜਥੇਬੰਦੀ ਦਾ ਪੱਖ ਠੀਕ ਹੈ ਅਤੇ ਇਨਸਾਫ ਦੇਣ ਦੇ ਵਾਅਦੇ ਵੀ ਕਰਦੇ ਹਨ, ਪਰ ਸਿਤਮ ਦੀ ਗੱਲ ਇਹ ਹੈ ਕਿ ਅੱਜ ਤੱਕ ਕੋਈ ਵੀ ਆਪਣੀ ਜ਼ੁਬਾਨ ਤੇ ਪੂਰਾ ਨਹੀਂ ਉੱਤਰਿਆ ਸਗੋਂ ਅੰਦਰ ਖਾਤੇ ਭੂ ਮਾਫੀਆ ਦੀ ਹਮਾਇਤ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਲੈਣ ਦੀ ਧਾਰੀ ਬੈਠੇ ਹਨ।
ਜਥੇਬੰਦੀ  ਦੀ ਸੂਬਾ ਕਮੇਟੀ ਨੇ ਚੈਲੰਜ ਕੀਤਾ ਕਿ ਭਾਵੇਂ ਉਹਨਾਂ ਨੂੰ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ, ਉਹ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕਰਵਾ ਕੇ ਛੱਡਣਗੇ ਅਤੇ ਕਿਸੇ ਵੀ ਧਾੜਵੀ ਨੂੰ ਜ਼ਮੀਨ ਵਿੱਚ ਪੈਰ ਨਹੀਂ ਪਾਉਣ ਦੇਣਗੇ।
ਬਰਨਾਲਾ ਵਿਖੇ ਨੂੰ ਕਾਲੇ ਝੰਡੇ ਦਿਖਾਉਣ ਲਈ ਰੋਸ ਮੁਜ਼ਾਹਰੇ ਦੀ ਅਗਵਾਈ ਖੁਦ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੀਤੀ। ਮੁਜ਼ਾਹਰਾਕਾਰੀ ਸਵੇਰੇ ਹੀ ਬਾਬਾ ਕਾਲਾ ਮਹਿਰ ਸਟੇਡੀਅਮ ਕੋਲ ਇਕੱਠੇ ਹੋ ਗਏ ਸਨ ਅਤੇ ਉਹਨਾਂ ਨੇ ਡਾਕਟਰ ਬਲਜੀਤ ਕੌਰ ਨੂੰ ਕਾਲੇ ਝੰਡੇ ਦਿਖਾ ਕੇ ਆਪਣਾ ਰੋਸ ਪ੍ਰਗਟ ਕੀਤਾ। ਇੱਥੇ ਜ਼ਿਲਾ ਪ੍ਰਧਾਨ ਕੁਲਵੰਤ ਸਿੰਘ ਮਾਨ, ਜਨਰਲ ਸਕੱਤਰ ਸਾਹਿਬ ਸਿੰਘ ਬਡਬਰ, ਸੀਨੀਅਰ ਮੀਤ ਪ੍ਰਧਾਨ ਹਰਮੰਡਲ ਸਿੰਘ ਜੋਧਪੁਰ, ਜਗਰਾਜ ਸਿੰਘ ਹਰਦਾਸਪੁਰਾ ਸਮੇਤ ਜ਼ਿਲ੍ਹੇ ਅਤੇ ਬਲਾਕਾਂ ਦੇ ਸਾਰੇ ਆਗੂ ਹਾਜਰ ਸਨ।
ਬਠਿੰਡਾ ਵਿਖੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕਾਲੇ ਝੰਡੇ ਦਿਖਾਉਣ ਲਈ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਜਨਰਲ ਸਕੱਤਰ ਗੁਰਨਾਮ ਸਿੰਘ ਜ਼ਿਲਾ ਮੁਕਤਟਸਰ ਦੇ ਪ੍ਰਧਾਨ ਗੁਰਦੀਪ ਸਿੰਘ ਖੁੱਡੀਆਂ ਅਤੇ ਬਠਿੰਡਾ ਜ਼ਿਲੇ ਦੀ ਆਗੂ ਟੀਮ ਤੋਂ ਇਲਾਵਾ ਬਲਾਕਾਂ ਦੇ ਆਗੂ ਹਾਜਰ ਸਨ। ਉਹ ਸਾਰੇ ਕਚਹਿਰੀ ਚੌਂਕ ਬਠਿੰਡਾ ਵਿਖੇ ਇਕੱਠੇ ਹੋਏ ਅਤੇ ਫੌਜੀ ਚੌਂਕ ਤੱਕ ਰੋਸ ਮਾਰਚ ਕੀਤਾ, ਜਿੱਥੇ ਪੁਲਿਸ ਵੱਲੋਂ ਨਾਕੇ ਲਗਾ ਕੇ ਉਹਨਾਂ ਨੂੰ ਰੋਕ ਲਿਆ ਗਿਆ। ਮੁਜ਼ਾਹਰਾਕਾਰੀਆਂ ਨੇ ਇੱਥੇ ਹੀ ਸਰਕਾਰ ਦਾ ਪਿੱਟ ਸਿਆਪਾ ਕਰਕੇ ਆਪਣਾ ਰੋਸ ਜਾਹਰ ਕੀਤਾ।
ਜਿਲਾ ਫਿਰੋਜ਼ਪੁਰ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਸੈਨੀ ਵਾਲਾ ਬਾਰਡਰ ਤੇ ਝੰਡਾ ਝੁਲਾਉਣ ਲਈ ਆਉਣਾ ਸੀ। ਇਸ ਲਈ ਜ਼ਿਲਾ ਫਿਰੋਜ਼ਪੁਰ ਦੇ ਕਿਸਾਨ ਕਿਲੇ ਵਾਲਾ ਮੋੜ ਕੋਲ ਇਕੱਠੇ ਹੋ ਗਏ। ਇੱਥੇ ਉਹਨਾਂ ਨੂੰ ਪੁਲਿਸ ਨੇ ਰੋਕ ਲਿਆ। ਇਕੱਠੇ ਹੋਏ ਕਿਸਾਨਾਂ ਨੂੰ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਜ਼ਿਲਾ ਫਿਰੋਜ਼ਪੁਰ ਦੇ ਪ੍ਰਧਾਨ ਜੰਗੀਰ ਸਿੰਘ ਖਹਿਰਾ, ਜਨਲ ਸਕੱਤਰ ਗੁਲਜ਼ਾਰ ਸਿੰਘ ਕਬਰ ਵੱਛਾ, ਮੀਤ ਪ੍ਰਧਾਨ ਦਰਸ਼ਨ ਸਿੰਘ ਕੜਮਾ, ਲਖਬੀਰ ਸਿੰਘ ਫੌਜੀ ਅਤੇ ਬਗੀਚਾ ਸਿੰਘ ਤੋਂ ਇਲਾਵਾ ਜ਼ਿਲੇ ਦੀ ਆਗੂ ਟੀਮ ਅਤੇ ਬਲਾਕਾਂ ਦੇ ਆਗੂ ਹਾਜ਼ਰ ਸਨ। ਉਹਨਾਂ ਨੇ ਕਿਲੇ ਵਾਲਾ ਮੋੜ ਤੇ ਰੋਸ ਮੁਜ਼ਾਹਰਾ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।
ਮਾਨਸਾ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਕਾਲੇ ਝੰਡੇ ਦਿਖਾਉਣ ਲਈ ਕਿਸਾਨ ਜਦੋਂ ਮਾਨਸਾ ਦੇ ਨਹਿਰੂ ਪਾਰਕ ਵੱਲ ਵਧ ਰਹੇ ਸਨ ਤਾਂ ਉਹਨਾਂ ਨੂੰ ਮਾਨਸਾ ਕੈਂਚੀਆਂ ਤੇ ਰੋਕ ਲਿਆ ਗਿਆ। ਇੱਥੇ ਇਕੱਠੇ ਹੋਏ ਕਿਸਾਨਾਂ ਨੂੰ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ ਅਤੇ ਜ਼ਿਲਾ ਮਾਨਸਾ ਦੇ ਪ੍ਰਧਾਨ ਲਖਬੀਰ ਸਿੰਘ ਅਕਲੀਆ, ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸ਼ਰਮਾ, ਮੀਤ ਪ੍ਰਧਾਨ ਜਗਦੇਵ ਸਿੰਘ ਕੋਟਲੀ, ਬਲਜਿੰਦਰ ਸਿੰਘ ਚਹਿਲਾਂ ਵਾਲੀ, ਦੇਵੀ ਰਾਮ ਰੰਘੜਿਆਲ ਅਤੇ ਹਰਬੰਸ ਸਿੰਘ ਟਾਂਡੀਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਉਹਨਾਂ ਨੇ ਮਾਨਸਾ ਕੈਂਚੀਆਂ ਤੇ ਮੁਜ਼ਾਹਰਾ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।
ਲੁਧਿਆਣਾ ਜ਼ਿਲ੍ਹੇ ਵਿਖੇ ਜ਼ਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਇੰਦਰਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਖਹਿਰਾ, ਸੁਖਵਿੰਦਰ ਸਿੰਘ ਹੰਬੜਾਂ, ਸੁਖਵੰਤ ਕੌਰ ਗਾਲਬ ਕਲਾਂ, ਤਰਸੇਮ ਸਿੰਘ ਬੱਸੂਵਾਲ, ਤਰਨਜੀਤ ਕੂਹਲੀ ਅਤੇ ਹੋਰ ਆਗੂਆਂ ਦੀ ਅਗਵਾਈ ਵਿੱਚ ਕਿਸਾਨ ਜਗਰਾਉਂ ਦੇ ਬੱਸ ਅੱਡੇ ਤੇ ਇਕੱਠੇ ਹੋਏ ਅਤੇ ਜਗਰਾਉਂ ਸ਼ਹਿਰ ਵਿੱਚ ਕਾਲੇ ਝੰਡਿਆਂ ਨਾਲ ਰੋਸ ਵਿਖਾਵਾ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ।
ਕਪੂਰਥਲਾ ਵਿਖੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਸੀ ਤਾਂ ਕਿਸਾਨ ਜ਼ਿਲ੍ਹਾ ਕਪੂਰਥਲਾ ਤੇ ਪ੍ਰਧਾਨ ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਗੁਰਦੇਵ ਸਿੰਘ, ਸੁਖਚੈਨ ਸਿੰਘ ਨੱਥੂ ਚਾਹਲ, ਮਨਜਿੰਦਰ ਕਮਲ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਸਟੇਡੀਅਮ ਦੇ ਗੇਟ ਕੋਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਇਕੱਠੇ ਹੋਏ। ਇੱਥੇ ਪੁਲਿਸ ਨੇ ਨਾਕਾ ਲਗਾ ਕੇ ਉਹਨਾਂ ਨੂੰ ਰੋਕ ਲਿਆ। ਕਿਸਾਨਾਂ ਨੇ ਇੱਥੇ ਖੂਬ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟ ਕੀਤਾ।
ਜਿਲਾ ਸੰਗਰੂਰ ਦੇ ਕਿਸਾਨ ਬਹੁਤ ਭਾਰੀ ਮੀਂਹ ਦੇ ਬਾਵਜੂਦ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਇਕੱਠੇ ਹੋਏ। ਇੱਥੇ ਜਿਲਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਖਜ਼ਾਨਚੀ ਸੁਖਦੇਵ ਸਿੰਘ ਘਰਾਚੋਂ ਸਮੇਤ ਜ਼ਿਲੇ ਦੀ ਪੂਰੀ ਟੀਮ ਹਾਜ਼ਰ ਸੀ। ਕਿਸਾਨ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਖਬਰ ਲਿਖੇ ਜਾਣ ਤੱਕ ਮੀਹ ਜਾਰੀ ਸੀ ਅਤੇ ਕਿਸਾਨ ਗੁਰਦੁਆਰਾ ਸਾਹਿਬ ਵਿਖੇ ਘਿਰੇ ਹੋਏ ਸਨ। ਵਰਦੇ ਮੀਂਹ ਦੌਰਾਨ ਹੀ ਕਿਸਾਨ, ਪੰਜਾਬ ਸਰਕਾਰ ਵੱਲੋਂ ਕੁੱਲਰੀਆਂ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਖਿਲਾਫ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕਰਦੇ ਰਹੇ।
ਇਸੇ ਦੌਰਾਨ ਬੀਤੀ ਰਾਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਥੇਬੰਦੀ ਨੂੰ ਮੀਟਿੰਗ ਲਈ ਬੁਲਾਇਆ, ਜਿੱਥੇ ਸੂਬਾ ਮੀਤ ਪ੍ਰਧਾਨ ਹਰੀਸ਼ ਨੱਢਾ ਲਾਧੂਕਾ ਦੇ ਨਾਲ ਜ਼ਿਲਾ ਫਾਜ਼ਿਲਕਾ ਦੇ ਆਗੂ ਹਾਜ਼ਰ ਸਨ। ਮੀਟਿੰਗ ਵਿੱਚ ਜ਼ਿਲਾ ਫਾਜ਼ਿਲਕਾ ਦੇ ਡੀਸੀ ਅਤੇ ਐਸਐਸਪੀ ਵੀ ਹਾਜ਼ਰ ਸਨ। ਕੈਬਨਟ ਮੰਤਰੀ ਨੇ ਅਮਨ ਅਰੋੜਾ ਨੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਜਥੇਬੰਦੀ ਦੀ ਮੀਟਿੰਗ ਜਲਦੀ ਹੀ ਪੰਜਾਬ ਸਰਕਾਰ ਨਾਲ ਕਰਵਾਉਣਗੇ। ਇਸ ਕਾਰਨ ਪ੍ਰਸ਼ਾਸਨ ਦੀ ਬੇਨਤੀ ਤੇ ਫਾਜ਼ਿਲਕਾ ਵਿਖੇ ਰੋਸ ਮੁਜਾਹਰਾ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।
ਸੂਬਾ ਕਮੇਟੀ ਵੱਲੋਂ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਕਿਹਾ ਕਿ ਜਥੇਬੰਦੀ ਇਸ ਸੰਘਰਸ਼ ਨੂੰ ਸਿਰੇ ਲਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਜਲਦੀ ਹੀ ਮੀਟਿੰਗ ਕਰਕੇ ਨਿਬੇੜਾ ਕਰੂ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੰਧ ਤੇ ਲਿਖਿਆ ਲੋਕਾਂ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤ ਦਾ ਜਬਰ ਕਦੇ ਵੀ ਸੰਘਰਸ਼ਸ਼ੀਲ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ। ਆਗੂਆਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕੀਤੇ ਅਤੇ ਧਾਰਾ 307 ਦੇ ਦੋਸ਼ੀ ਰਾਜੂ ਸਰਪੰਚ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਐੱਸਕੇਐੱਮ ਦੇ ਸੰਘਰਸ਼ ਸੱਦਿਆਂ ਨੂੰ ਲਾਗੂ ਕਰਨ ਪ੍ਰਤੀ ਦ੍ਰਿੜ ਨਿਸ਼ਚਾ ਪ੍ਰਗਟਾਇਆ।

Leave a Reply

Your email address will not be published.


*