ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਛੋਟੇ-ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਚੇਅਰਮੈਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਅਨਿਲ ਠਾਕੁਰ ਨੇ ਅੱਜ ਜ਼ਿਲ੍ਹੇ ਨਾਲ ਸਬੰਧਿਤ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇਦਿਆਂ ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਮੈਂਬਰ ਅਨਿਲ ਭਾਰਦਵਾਜ ਤੇ ਮੀਡੀਅਮ ਸਕੇਲ ਇੰਡਸਟਰੀ ਦੇ ਚੈਅਰਮੈਨ ਨੀਲ ਗਰਗ ਵੀ ਖਾਸ ਤੌਰ ਤੇ ਪਹੁੰਚੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਅੰਦਰ ਉਦਯੋਗਾਂ ਅਤੇ ਹੋਰ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਐਡਵਾਈਜ਼ਰੀ ਕਮੇਟੀਆਂ ਗਠਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਦੇ ਜੀ.ਐਸ.ਟੀ. ਵਿੱਚ ਹੋਇਆ ਵਾਧਾ ਸੂਬੇ ਅੰਦਰ ਹੋਈ ਤਰੱਕੀ ਨੂੰ ਦਰਸਾਉਂਦਾ ਹੈ। ਇਸ ਮੌਕੇ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਅਤੇ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਪਾਰੀਆਂ ਤੇ ਉਦਯੋਗਪਤੀਆਂ ਤੇ ਹੋਰ ਕਾਰੋਬਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਇਨ੍ਹਾਂ ਮੁਸ਼ਕਿਲਾਂ ਦਾ ਯੋਗ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਉਨ੍ਹਾਂ ਦੁਆਰਾ ਦਿੱਤੇ ਗਏ ਸੁਝਾਵਾਂ ’ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦੁਆਇਆ ਕਿ ਉਨ੍ਹਾਂ ਵਲੋਂ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸਟੇਟ ਮੋਗਾ ਪੂਨਮ ਗਰਗ, ਸਟੇਟ ਟੈਕਸ ਅਫ਼ਸਰ ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਸਾਗਰ ਅਨੰਦ, ਜੀਵਨ ਗਰਗ ਜ਼ਿਲ੍ਹਾ ਪ੍ਰਧਾਨ ਵਪਾਰ ਮੰਡੀ, ਵਿਕੀ ਅਰੋੜਾ ਬਲਾਕ ਪ੍ਰਧਾਨ, ਗੁਰਮਿੰਦਰਜੀਤ ਸਿੰਘ, ਬੱਬਲੂ ਐਮ ਸੀ, ਪ੍ਰਵੀਨ ਮੱਕੜ ਮੈਂਬਰ, ਰਾਕੇਸ਼ ਮਿੱਡਾ ਮੈਂਬਰ, ਗੁਰਪ੍ਰੀਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।
Leave a Reply