ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਇਹ ਇੱਕ ਮੱਛਰ-ਜਨਿਤ ਬਿਮਾਰੀ ਹੈ ਜੋ ਏਡੀਜ਼ ਅਜਿਪਟੀ (Aedes aegypti) ਨਾਮਕ ਮਾਦਾ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਬਰਸਾਤ ਦੇ ਮੌਸਮ ਤੋਂ ਬਾਅਦ ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ ਕਿਉਂਕਿ ਇਸ ਸਮੇਂ ਦੌਰਾਨ ਮੱਛਰਾਂ ਦੇ ਪ੍ਰਜਨਨ ਲਈ ਅਨੁਕੂਲ ਹਾਲਾਤ ਪੈਦਾ ਹੋ ਜਾਂਦੇ ਹਨ।
ਸਿਹਤ ਵਿਭਾਗ ਵੱਲੋਂ ਇਸ ਬਿਮਾਰੀ ਨੂੰ ਲੈ ਕੇ ਸਮੇਂ-ਸਮੇਂ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨਾ ਅਤੇ ਮੱਛਰਾਂ ਦੇ ਪ੍ਰਜਨਨ ਵਾਲੀਆਂ ਥਾਵਾਂ ਨੂੰ ਨਸ਼ਟ ਕਰਨਾ ਹੈ। ਇਸਦੇ ਬਾਵਜੂਦ ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ, ਹੁਣ ਪਹਿਲਾਂ ਨਾਲੋਂ ਵੀ ਵੱਧ ਅਗੇਤਰੀ ਜਾਗਰੂਕਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਾਂ ਦੀ ਲੋੜ ਹੈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਕੀਤੀ ਜਾ ਸਕੇ।
ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀ ਆਉਣਾ ਅਤੇ ਚਮੜੀ ‘ਤੇ ਦਾਣੇ ਨਿਕਲਣਾ ਸ਼ਾਮਿਲ ਹਨ। ਜੇਕਰ ਕਿਸੇ ਵਿਅਕਤੀ ਵਿੱਚ ਇਹ ਲੱਛਣ ਦਿਖਾਈ ਦੇਣ, ਤਾਂ ਉਸਨੂੰ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਸ ਬਿਮਾਰੀ ਨੂੰ ਗੰਭੀਰ ਰੂਪ ਲੈਣ ਤੋਂ ਬਚਾਇਆ ਜਾ ਸਕਦਾ ਹੈ।
ਡੇਂਗੂ ਤੋਂ ਬਚਾਅ ਲਈ ਸਭ ਤੋਂ ਮਹੱਤਵਪੂਰਨ ਕਦਮ ਮੱਛਰਾਂ ਦੇ ਪ੍ਰਜਨਨ ਨੂੰ ਰੋਕਣਾ ਹੈ। ਇਸਦੇ ਲਈ ਸਾਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਇਕੱਠਾ ਨਾ ਹੋਵੇ। ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਖੁੱਲ੍ਹੀਆਂ ਥਾਵਾਂ ‘ਤੇ ਜਮ੍ਹਾਂ ਹੋਏ ਪਾਣੀ ਨੂੰ ਨਿਯਮਿਤ ਤੌਰ ‘ਤੇ ਖ਼ਾਲੀ ਕਰਨਾ ਚਾਹੀਦਾ ਹੈ। ਘਰਾਂ ਵਿੱਚ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ।
ਸਰਕਾਰ ਅਤੇ ਸਿਹਤ ਵਿਭਾਗ ਨੂੰ ਵੀ ਇਸ ਦਿਸ਼ਾ ਵਿੱਚ ਹੋਰ ਸਰਗਰਮ ਹੋਣ ਦੀ ਲੋੜ ਹੈ। ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ‘ਤੇ ਮੁਹਿੰਮਾਂ ਚਲਾਉਣੀਆਂ ਚਾਹੀਦੀਆਂ ਹਨ। ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਇਸ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ, ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ।
ਪੰਜਾਬ ਦੇ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜੇਕਰ ਅਸੀਂ ਸਾਰੇ ਮਿਲ ਕੇ ਇੱਕਜੁੱਟ ਹੋ ਕੇ ਕੰਮ ਕਰਾਂਗੇ, ਤਾਂ ਅਸੀਂ ਯਕੀਨਨ ਹੀ ਡੇਂਗੂ ਦੇ ਖ਼ਤਰੇ ਨੂੰ ਘੱਟ ਕਰਨ ਵਿੱਚ ਸਫਲ ਹੋ ਸਕਾਂਗੇ ਅਤੇ ਆਪਣੇ ਸੂਬੇ ਨੂੰ ਇੱਕ ਸਿਹਤਮੰਦ ਸਥਾਨ ਬਣਾ ਸਕਾਂਗੇ। ਆਓ, ਅੱਜ ਹੀ ਤੋਂ ਅਗੇਤੀ ਜਾਗਰੂਕਤਾ ਅਤੇ ਪ੍ਰਭਾਵਸ਼ਾਲੀ ਪ੍ਰਬੰਧਾਂ ਵੱਲ ਧਿਆਨ ਦੇਈਏ ਤਾਂ ਜੋ ਭਵਿੱਖ ਵਿੱਚ ਡੇਂਗੂ ਦੇ ਕਾਰਨ ਕਿਸੇ ਵੀ ਕੀਮਤੀ ਜਾਨ ਦਾ ਨੁਕਸਾਨ ਨਾ ਹੋਵੇ।
ਚਾਨਣਦੀਪ ਸਿੰਘ ਔਲਖ, ਪਿੰਡ ਗੁਰਨੇ ਖ਼ੁਰਦ (ਮਾਨਸਾ), ਸੰਪਰਕ 9876888177
Leave a Reply