ਲੁਧਿਆਣਾ( ਜਸਟਿਸ ਨਿਊਜ਼ ) ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਜ਼ਿਲ੍ਹੇ ਵਿਚ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਅਰਬਨ ਅਸਟੇਟ ਦੇ ਨਾਂ ’ਤੇ 24000 ਏਕੜ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰੇਗਾ।
ਇਥੇ ਇਸ ਸਬੰਧ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਲੋਕ ਸਭਾ ਹਲਕਾ ਇੰਚਾਰਜ ਰਣਜੀਤ ਸਿੰਘ ਢਿੱਲੋਂ, ਜਸਕਰਨ ਸਿੰਘ ਦਿਓਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਸਰਕਾਰ ਵੱਲੋਂ ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ਵਿਚ ਲੋਕਾਂ ਤੋਂ ਹਲਫੀਆ ਬਿਆਨ ਇਕੱਠੇ ਕਰੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਸ ਮਾਮਲੇ ’ਤੇ ਵਿਸ਼ਾਲ ਧਰਨਾ ਲਗਾਉਣ ਤੋਂ ਬਾਅਦ ਸਰਕਾਰ ਜ਼ਮੀਨ ਐਕਵਾਇਰ ਕਰਨ ਦੀ ਨੀਤੀ ਵਿਚ ਵੱਡੀਆਂ ਤਬਦੀਲੀਆਂ ਕਰਨ ਲਈ ਮਜਬੂਰ ਹੋਈ ਹੈ ਅਤੇ ਇਹ ਗੱਲ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੱਲ੍ਹ ਪ੍ਰਵਾਨ ਕੀਤੀ ਤਜਵੀਜ਼ ਵਿਚ ਦਿਸਦੀ ਹੈ।
ਉਹਨਾਂ ਕਿਹਾ ਕਿ ਆਪ ਸਰਕਾਰ ਕੋਲੋਨਾਈਜ਼ਰਾਂ ਤੇ ਬਿਲਡਰਾਂ ਦੀ ਮਦਦ ਵਾਸਤੇ ਇਹ ਜ਼ਮੀਨ ਐਕਵਾਇਰ ਕਰਨ ਵਾਸਤੇ ਪੱਬਾਂ ਭਾਰ ਹੈ। ਉਹਨਾਂ ਕਿਹਾ ਕਿ ਇਸ ਤਜਵੀਜ਼ਸ਼ੁਦਾ ਨੀਤੀ ਵਿਚ ਕਿਸਾਨਾਂ ਨੂੰ ਸਭ ਤੋਂ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਉਹਨਾਂ ਨੂੰ ਜ਼ਮੀਨ ਦੀ ਮਾਰਕੀਟ ਕੀਮਤ ਵੀ ਨਹੀਂ ਮਿਲ ਰਹੀ।
ਉਹਨਾਂ ਕਿਹਾ ਕਿ ਅਕਾਲੀ ਦਲ ਜ਼ਮੀਨ ਐਕਵਾਇਰ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ ਅਤੇ ਯਕੀਨੀ ਬਣਾਵੇਗਾ ਕਿ ਕਿਸਾਨਾਂ ਨੂੰ ਉਹਨਾਂ ਦੀ ਜ਼ਮੀਨ ਦੇਣ ਲਈ ਮਜਬੂਰ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸ਼ਰਾਬ ਦੇ ਵਪਾਰ ਵਾਂਗੂ ਆਪ ਸਰਕਾਰ ਇਸ ਜ਼ਮੀਨ ਐਕਵਾਇਰ ਕਰਨ ਦੇ ਪ੍ਰਾਜੈਕਟ ਰਾਹੀਂ ਪ੍ਰਾਪਰਟੀ ਡੀਲਰਾਂ ਨੂੰ ਲਾਭ ਦੇਣਾ ਚਾਹੁੰਦੀ ਹੈ ਪਰ ਸੂਬੇ ਦੇ ਲੋਕ ਇਸ ਪ੍ਰਾਜੈਕਟ ਦੇ ਖਿਲਾਫ ਲਾਮਬੱਧ ਹੋਣੇ ਸ਼ੁਰੂ ਹੋ ਗਏ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਲੋਕ ਵਿਰੋਧੀ ਖਾਸ ਤੌਰ ’ਤੇ ਕਿਸਾਨ ਵਿਰੋਧੀ ਸਾਬਤ ਹੋ ਰਹੀ ਹੈ।
ਉਹਨਾਂ ਐਲਾਨ ਕੀਤਾ ਕਿ ਇਸ ਮਾਮਲੇ ’ਤੇ ਸਰਕਾਰ ਦੇ ਖਿਲਾਫ ਵੱਡੀ ਲੋਕ ਲਹਿਰ ਆਰੰਭ ਕੀਤੀ ਜਾਵੇਗੀ।
Leave a Reply