ਲੁਧਿਆਣਾ ( ਜਸਟਿਸ ਨਿਊਜ਼ ) ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਹਲਕੇ ਵਿਚ ਚੋਣ ਪ੍ਰਚਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਅੱਜ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਪ੍ਰੀਤੀ ਮਲਹੋਤਰਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਦੇ ਸਾਰੇ ਅਸਲ ਵਰਕਰ ਇਸ ਵੇਲੇ ਮਾਯੂਸ ਹਨ ਅਤੇ ਇਸਨੂੰ ਛੱਡ ਰਹੇ ਹਨ ਕਿਉਂਕਿ ਪੰਜਾਬ ਵਿਚ ਬਾਹਰਲਿਆਂ ਨੇ ਪਾਰਟੀ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਸੂਬੇ ਵਾਸਤੇ ਕੰਮ ਕਰਨ ਲਈ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ ਪਰ ਹੁਣ ਇਹਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਬਾਹਰਲੇ ਹੀ ਸਾਰੀ ਪਾਰਟੀ ਤੇ ਸਰਕਾਰ ’ਤੇ ਕਬਜ਼ਾ ਕਰੀ ਬੈਠੇ ਹਨ ਅਤੇ ਪੰਜਾਬੀਆਂ ਦੀ ਪਾਰਟੀ ਵਿਚ ਕੋਈ ਸੁਣਵਾਈ ਨਹੀਂ ਹੁੰਦੀ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੂਰੀ ਤਰ੍ਹਾਂ ਦਰ ਕਿਨਾਰ ਕਰ ਦਿੱਤਾ ਗਿਆ ਹੈ ਤੇ ਉਹ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗੂ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹੀ ਹਾਲ ਮੰਤਰੀਆਂ ਦਾ ਹੈ ਜੋ ਸਿਰਫ ਨਾਂ ਦੇ ਮੰਤਰੀ ਰਹਿ ਗਏ ਹਨ ਜਦੋਂ ਕਿ ਬਾਹਰਲਿਆਂ ਨੂੰ ਫਾਈਲਾਂ ਕਲੀਅਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਭ ਦਾ ਸੂਬੇ ’ਤੇ ਨਾਂਹ ਪੱਖੀ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਹਾਲੇ ਤੱਕ ਤਨਖ਼ਾਹਾਂ ਨਹੀਂ ਮਿਲੀਆਂ। ਉਹਨਾਂ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ ਵਿੱਤੀ ਹਾਲਾਤ ਹੋਰ ਬਦਤਰ ਹੋ ਜਾਣਗੇ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਿੰਨ ਸਾਲਾਂ ਵਿਚ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਪਰ ਇਸ ਕੋਲ ਵਿਕਾਸ ਜਾਂ ਬੁਨਿਆਦੀ ਢਾਂਚੇ ਦੀ ਸਿਰਜਣਾ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ। ਉਹਨਾਂ ਕਿਹਾ ਕਿ ਇਸ ਵੱਲੋਂ ਹੋਰ ਕਰਜ਼ਾ ਚੁੱਕਣ ਦੇ ਯਤਨਾਂ ਨੂੰ ਬ੍ਰੇਕਾਂ ਲੱਗ ਗਈਆਂ ਹਨ ਕਿਉਂਕਿ ਇਸਨੇ ਹੱਦ ਪੂਰੀ ਕਰ ਲਈ ਹੈ ਅਤੇ ਵਿੱਤੀ ਕੁਪ੍ਰਬੰਧਨ ਬਹੁਤ ਜ਼ਿਆਦਾ ਹੈ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ। ਵਪਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਫਿਰੌਤੀਆਂ ਦੇ ਫੋਨ ਆ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਬਾਬਾ ਬੀ ਆਰ ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਕੀਤੇ ਜਾਣ ਨਾਲ ਸਮਾਜਿਕ ਸਾਂਝੀਵਾਲਤਾ ਵੀ ਖ਼ਤਰੇ ਵਿਚ ਹੈ।
ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਉਹਨਾਂ ਆਪ ਹਾਈ ਕਮਾਂਡ ਨੂੰ ਆਖਿਆ ਸੀ ਕਿ ਉਹ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰੇ ਪਰ ਉਸਨੇ ਸਾਫ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਮੈਨੂੰ ਕਿਹਾ ਗਿਆ ਕਿ ਇਹ ਸਿਰਫ ਖੋਖਲੇ ਵਾਅਦੇ ਸਨ ਜੋ ਚੋਣਾਂ ਜਿੱਤਣ ਵਾਸਤੇ ਕੀਤੇ ਗਏ ਸਨ ਤੇ ਇਸਨੂੰ ਲਾਗੂ ਕਰਨਾ ਜ਼ਰੂਰੀ ਨਹੀਂ।
ਉਹਨਾਂ ਆਪ ਸਰਕਾਰ ਵੱਲੋਂ ਸਾਰੀਆਂ ਚੇਅਰਮੈਨੀਆਂ ਪੰਜਾਬ ਤੋਂ ਬਾਹਰਲਿਆਂ ਨੂੰ ਦੇਣ ਅਤੇ ਨੌਜਵਾਨਾਂ ਵਾਸਤੇ ਰੋਜ਼ਗਾਰ ਸਿਰਜਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ।
ਇਸ ਮੌਕੇ ਸੀਨੀਅਰ ਪਾਰਟੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਕਮਲ ਚੈਟਲੀ, ਸੁਰਮਿੰਦਰ ਸੀਰਾ ਅਤੇ ਅਕਾਲੀ ਦਲ ਲੁਧਿਆਣਾ ਪੱਛਮੀ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਵੀ ਮੌਜੂਦ ਸਨ।
Leave a Reply