ਲੁਧਿਆਣਾ ( ) – ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ ਵਿੱਚ 7 ਤੋਂ 11 ਜੁਲਾਈ ਤੱਕ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਗਈਆਂ।
ਪ੍ਰੋਜੈਕਟ ‘ਜੀਵਨਜੋਤ – ਬਚਪਨ ਬਚਾਓ’ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਦੇ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੋਰ ‘ਤੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਅਭਿਆਨ ਦੌਰਾਨ 17 ਬੱਚਿਆਂ ਨੂੰ ਰੈਸਕਿਊ ਕਰਦਿਆਂ ਦਫ਼ਤਰ ਬਾਲ ਭਲਾਈ ਕਮੇਟੀ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਗਈ।
ਬਾਲ ਸੁਰੱਖਿਆ ਯੂਨਿਟ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ।
-ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
-ਲੁਧਿਆਣਾ ਜ਼ਿਲ੍ਹੇ ਵਿਚ ਕੁੱਲ 260 ਕੇਸਾਂ ਵਿੱਚ 5 ਕਰੋੜ 34 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ :-ਗਿਆਸਪੁਰਾ
-ਕਿਹਾ, ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਵੱਡੀ ਰਾਹਤ ਦਿੱਤੀ
ਪਾਇਲ (ਲੁਧਿਆਣਾ), 12 ਜੁਲਾਈ : ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।
ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।
ਉਨ੍ਹਾਂ ਅੱਗੇ ਕਿਹਾ, ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ, ਕਲਰਕ ਮਨਜੀਤ ਸਿੰਘ ਅਤੇ ਜਸਪਾਲ ਸਿੰਘ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ। ਇਸ ਮੌਕੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਬੂਟਾ ਸਿੰਘ ਗਿੱਲ, ਪੀ.ਏ ਮਨਜੀਤ ਸਿੰਘ, ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।
Leave a Reply