ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ/////////ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸ਼ਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸ਼ਕਰ ਹੈ, ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਹੈ।
ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸ਼ਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰਕੁਨਾਂ- ਸਰਬਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਫਿਰੋਜ਼ਪੁਰ ਅਤੇ ਅਸ਼ਮਨਦੀਪ ਸਿੰਘ ਵਾਸੀ ਤਰਨ ਤਾਰਨ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿੱਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਪੰਦਰਾਂ ਦਿਨਾਂ ਬਾਅਦ ਹਾਸਲ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆਂ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਤ ਤਸ਼ਕਰ ਜੋ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਨਾਲ ਮਿਲ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆਂ ਕਿ ਗ੍ਰਿਫ਼ਤਾਰ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਸੂਬੇ ਭਰ ਦੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨ ਤਾਰਨ ਦੇ ਪਿੰਡ ਡੱਲ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਸੜਕ ‘ਤੇ ਬੋਹੜੂ ਪੁਲ ਨੇੜੇ ਰੋਕਿਆ, ਜਦੋਂ ਉਹ ਕਿਸੇ ਪਾਰਟੀ ਨੂੰ ਖੇਪ ਡਲੀਵਰ ਕਰਨ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।
ਉਨ੍ਹਾਂ ਦੱਸਿਆਂ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਉਸ ਵਿਅਕਤੀ ਜਿਸ ਨੂੰ ਇਹ ਖੇਪ ਡਲੀਵਰ ਕੀਤੀ ਜਾਣੀ ਸੀ, ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 39 ਮਿਤੀ 17-07-2025 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।
Leave a Reply