ਲੁਧਿਆਣਾ ( ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬ-ਡਵੀਜਨ ਲੁਧਿਆਣਾ (ਪੱਛਮੀ) ਦੇ ਪਿੰਡ ਨਿਊ ਖਹਿਰਾ ਬੇਟ, ਆਲੋਵਾਲ, ਭੋਲੇਵਾਲ ਕਦੀਮ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਐਂਬੂਲੈਂਸ ਸਮੇਤ ਮੈਡੀਕਲ ਟੀਮ, ਪਸ਼ੂ ਧਨ ਦੀ ਰੱਖਿਆ ਲਈ ਵੈਟਰਨਰੀ ਸਟਾਫ, ਪਸ਼ੂ ਧਨ ਲਈ ਚਾਰਾ, ਫੀਡ ਅਤੇ ਪਿੰਡਾਂ ਦੇ ਵਾਸੀਆਂ ਲਈ ਰਾਹਤ ਸਮੱਗਰੀ ਤਰਪਾਲਾਂ ਭੇਜੀਆਂ ਗਈਆਂ।
ਡਾ. ਪੂਨਮਪ੍ਰੀਤ ਕੌਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਨੇ ਦੱਸਿਆ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਓਥੇ ਸਿਹਤ ਵਿਭਾਗ ਵੱਲੋਂ ਵੀ ਪਿੰਡ ਨਿਊ ਖਹਿਰਾ ਬੇਟ, ਆਲੋਵਾਲ, ਭੋਲੇਵਾਲ ਕਦੀਮ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਸ਼ੂ ਧਨ ਦੀ ਰੱਖਿਆ ਲਈ ਪਿੰਡ ਨਿਊ ਖਹਿਰਾ ਬੇਟ, ਆਲੋਵਾਲ, ਭੋਲੇਵਾਲ ਕਦੀਮ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਇਹਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ ਵੈਟਰਨਰੀ ਟੀਮ ਭੇਜੀ ਗਈ ਹੈ ਜੋ ਲਗਾਤਾਰ ਇਹਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਕਰ ਰਹੀਆਂ ਹਨ ਅਤੇ ਇਹ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਰੇਕ ਕਿਸਾਨ ਦੇ ਘਰ ਤੱਕ ਪਹੁੰਚ ਕੇ ਉਨ੍ਹਾਂ ਦੇ ਪਸ਼ੂਆਂ ਦਾ ਇਲਾਜ ਕਰਨਗੀਆਂ, ਉਨ੍ਹਾਂ ਕਿਹਾ ਕਿ ਇਹਨਾਂ ਪਿੰਡਾਂ ਵਿੱਚ ਪਸ਼ੂਆਂ ਨੂੰ ਚਾਰਾ ਤੇ ਫੀਡ ਆਦਿ ਮੁੱਹਈਆ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਡਾ. ਪੂਨਮਪ੍ਰੀਤ ਕੌਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਨੇ ਦੱਸਿਆ ਕਿ ਇਸ ਤੋਂ ਇਲਾਵਾ ਇਹਨਾਂ ਪਿੰਡਾਂ ਦੇ ਲੋਕਾਂ ਲਈ ਰਾਹਤ ਸਮੱਗਰੀ ਵੀ ਭੇਜੀ ਗਈ ਹੈ ਜਿਸ ਵਿੱਚ ਤਰਪਾਲਾਂ, ਕਿੱਟਾਂ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਆਦਿ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਖਹਿਰਾ ਬੇਟ, ਆਲੋਵਾਲ ਵਿਖੇ ਬੰਨ੍ਹ ਨੂੰ ਜੇ.ਸੀ.ਬੀ ਨਾਲ ਮਜ਼ਬੂਤ ਕਰਨ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ ਜਿਸ ਦੀ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਦੀ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਸਥਿਤੀ ਤਾਜ਼ਾ ਸਥਿਤੀ ਤੇ ਲਗਾਤਾਰ ਨਜ਼ਰ ਰੱਖ ਕੇ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਪ੍ਰਸ਼ਾਸਨ ਪਹਿਲਾਂ ਹੀ ਸੁਖਾਵਾਂ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਿਹਾ ਹੈ।
ਡਾ. ਪੂਨਮਪ੍ਰੀਤ ਕੌਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਨੇ ਪਿੰਡ ਆਲੋਵਾਲ, ਭੋਲੇਵਾਲ ਕਦੀਮ ਦਾ ਦੌਰਾ ਕਰਕੇ ਘਰਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸ਼ੂਆਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਸਰਵੇਖਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੁਦਰਤ ਦੇ ਕਹਿਰ ਤੋਂ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Leave a Reply