ਮੋਗਾ ( ਮਨਪ੍ਰੀਤ ਸਿੰਘ/ਗੁਰਜੀਤ ਸੰਧੂ )
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਪਿੰਡ ਹਿੰਮਤਪੁਰਾ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਸਗੋਂ ਸਾਡੀ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਪਰਾਲੀ ਨੂੰ ਜੇਕਰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਵਾਤਾਵਰਨ ਨੂੰ ਨੁਕਸਾਨ ਨਹੀਂ ਹੁੰਦਾ ਉਥੇ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ ਅਤੇ ਜਮੀਨ ਵਿੱਚ ਕਾਰਬਨਿਕ ਮਾਦਾ ਵਧਣ ਨਾਲ ਕਿਸਾਨਾਂ ਨੂੰ ਅਗਲੀਆਂ ਫਸਲਾਂ ਦਾ ਚੰਗਾ ਝਾੜ ਮਿਲਦਾ ਹੈ।
ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਭ ਤੋਂ ਪਹਿਲਾਂ ਸਾਡੇ ਕਿਸਾਨ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਹੀ ਨੁਕਸਾਨ ਪਹੁੰਚਾਉਂਦਾ ਹੈ। ਉਹਨਾਂ ਨੇ ਖੇਤੀਬਾੜੀ ਵਿਭਾਗ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤੇ ਤਕਨੀਕੀ ਨੁਕਤੇ ਸਮਝਾਏ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਨੂੰ ਸਨਮਾਨਿਤ ਕੀਤਾ। ਪਰਾਲੀ ਨਾ ਸਾੜਨ ਸਬੰਧੀ ਸਕੂਲੀ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ, ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿਚ ਕ੍ਰਾਂਤੀਕਲਾ ਮੰਚ ਮੋਗਾ ਵੱਲੋਂ ਪਰਾਲੀ ਨੂੰ ਨਾ ਸਾੜਨ ਅਤੇ ਖੇਤਾਂ ਵਿਚ ਹੀ ਵਾਹੁਣ ਸਬੰਧੀ ਨੁੱਕੜ ਨਾਟਕ ਪੇਸ਼ ਕੀਤਾ ਗਿਆ।
ਇਸ ਸਮੇਂ ਡਾ: ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ ਤਰਨਜੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ: ਬਲਜਿੰਦਰ ਸਿੰਘ ਖੇਤੀਬਾੜੀ ਅਫਸਰ , ਖੇਤੀਬਾੜੀ ਵਿਭਾਗ ਦਾ ਸਟਾਫ਼, ਸ੍ਰੀ ਮਤੀ ਸੋਨਮ ਸਹਾਇਕ ਰਜਿਸਟਰਾਰ, ਡਾ: ਮਨਪ੍ਰੀਤ ਜੈਕਦਾ ਕੇ.ਵੀ.ਕੇ, ਬਾਬਾ ਜੀ ਜਸਵੰਤ ਸਿੰਘ ਨਾਮਧਾਰੀ ਤੋਂ ਇਲਾਵਾ ਪਿੰਡ ਦੇ ਸਰਪੰਚ ਸ ਬਾਦਲ ਸਿੰਘ ਗ੍ਰਾਮ ਪੰਚਾਇਤ, ਕਿਸਾਨ ਯੂਨੀਅਨ ਦੇ ਨੁਮਾਇੰਦੇ ਅਤੇ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Leave a Reply