ਮਾਲੇਰਕੋਟਲਾ (ਸ਼ਹਿਬਾਜ਼ ਚੌਧਰੀ)
ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਨੂੰ ਸਮਰਪਿਤ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਸਮਾਗਮਾਂ ਦੀ ਲੜੀ ਤਹਿਤ ਇਹ ਇਤਿਹਾਸਕ ਸਮਾਗਮ ਮਾਲੇਰਕੋਟਲਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਤੇ ਹੋਰ ਅਧਿਕਾਰੀਆਂ ਸਮੇਤ ਸਰਕਾਰੀ ਕਾਲਜ ਪੁੱਜੇ। ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਤੇ ਪਾਰਕਿੰਗ ਦੀ ਯੋਜਨਾ, ਬਿਜਲੀ ਸਪਲਾਈ, ਸਾਫ਼-ਸਫ਼ਾਈ, ਬੈਰੀਕੇਟਿੰਗ, ਮੈਡੀਕਲ ਸਹੂਲਤਾਂ, ਫਾਇਰ ਸੇਫਟੀ, ਪੀਣ ਵਾਲੇ ਪਾਣੀ ਤੇ ਪ੍ਰਚਾਰ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ ਅਤੇ ਸਮਾਗਮ ਸੁਚਾਰੂ ਢੰਗ ਨਾਲ ਸੰਪੰਨ ਹੋਵੇ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ ਸਿਰਫ਼ ਇੱਕ ਦ੍ਰਿਸ਼ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਕੁਰਬਾਨੀਆਂ, ਉਪਦੇਸ਼ਾਂ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਸੰਦੇਸ਼ ਨੂੰ ਸਮਰਪਿਤ ਇੱਕ ਜੀਵੰਤ ਪ੍ਰਸਤੁਤੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਜੀਵਨ ਕਥਾ ਤੋਂ ਮਿਲਣ ਵਾਲੇ ਅਮਰ ਸੰਦੇਸ਼ ਅੱਜ ਦੇ ਸਮੇਂ ਵਿਚ ਵੀ ਮਨੁੱਖਤਾ, ਸਹਿਨਸ਼ੀਲਤਾ ਅਤੇ ਧਰਮ ਨਿਰਪੱਖਤਾ ਲਈ ਪ੍ਰੇਰਨਾ ਦੇ ਸਰੋਤ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਮੂਹ ਲੋਕ ਆਪਣੇ ਪਰਿਵਾਰਾਂ ਅਤੇ ਦੋਸਤਾਂ ਸਮੇਤ 20 ਨਵੰਬਰ ਦੀ ਸ਼ਾਮ ਨੂੰ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਜ਼ਰੂਰ ਪਹੁੰਚਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦੇ ਹੋਏ ਇਸ ਪ੍ਰੇਰਣਾਦਾਇਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ।
Leave a Reply