ਜਸਟਿਸ ਨਿਊਜ਼
ਲੁਧਿਆਣਾ
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ-ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਹਿੱਤ ਇਨ੍ਹਾਂ ਖੇਤੀ ਮਸ਼ੀਨਾਂ ‘ਤੇ ਸਬਸਿਡੀ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਮਸ਼ੀਨਾਂ ਕਿਸਾਨਾਂ ਨੂੰ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜ਼ੇਸ਼ਨ (ਸਮੈਮ) ਸਕੀਮ ਅਤੇ ਫਸਲੀ ਵਿਭਿੰਨਤਾ ਸਕੀਮ ਅਧੀਨ ਸਬਸਿਡੀ ਤੇ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ ਵੱਖ-ਵੱਖ ਤਕਨੀਕਾਂ ਵਾਲੀਆਂ ਖੇਤੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ‘ਤੇ ਮਿਤੀ 4 ਦਸੰਬਰ 2025 ਸ਼ਾਮ 5:00 ਵਜੇ ਤੱਕ ਦੇ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਪਹਿਲਾਂ ਦੀ ਤਰ੍ਹਾ ਖੇਤੀ ਮਸ਼ੀਨੀਕਰਨ ਵਿੱਚ ਰਾਜ ਦੇ ਮੋਹਰੀ ਜਿਲ੍ਹਿਆਂ ਵਿੱਚ ਸ਼ਾਮਿਲ ਰਹਿ ਕੇ ਖੇਤੀ ਖਰਚੇ ਅਤੇ ਕੁਦਰਤੀ ਸੋਮਿਆਂ ਦੀ ਬੱਚਤ ਕਰ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ/ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਨਿਊਮੈਟਿਕ ਪਲਾਂਟਰ, ਬਹੁ-ਫਸਲੀ ਥਰੈਸ਼ਰ, ਸ਼ੂਗਰਕੋਨ ਕਟਰ, ਗਰਾਂਉਂਡਨਟ ਡਿੱਗਰ, ਮੇਜ਼ ਡਰਾਇਰ, ਸ਼ੂਗਰਕੋਨ ਹਾਰਵੈਸਟਰ, ਕਾਟਨ ਸਟਾਕ ਅਪਰੂਟਰ, ਪਾਵਰ ਸਪਰੇਅਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ ਡਰਿੱਲ, ਉੱਚੀਆਂ ਫਸਲਾਂ ਵਿੱਚ ਸਪਰੇ ਕਰਨ ਲਈ ਹਾਈ ਕਲੀਅਰੈਂਸ ਬੂਮ ਸਪਰੇਅਰ, ਪੀ.ਟੀ.ਓ. ਉਪਰੇਟਿਡ ਬੰਡ ਫਾਰਮਰ, ਨਰਸਰੀ ਸੀਡਰ, ਰੇਜ਼ਡ ਬੈਂਡ ਪਲਾਂਟਰ, ਟਰੈਕਟਰ ਨਾਲ ਚੱਲਣ ਵਾਲਾ ਬੂਮ ਸਪਰੇਅਰ, ਲੱਕੀ ਸੀਡ ਡਰਿਲ, ਮੈਨੂਅਲ/ਪਾਵਰ ਸਪਰੇਅਰ ਆਦਿ ਮਸ਼ੀਨਾਂ ਦੀ ਖਰੀਦ ਤੇ 40 ਫੀਸਦੀ ਤੋਂ 50 ਫੀਸਦੀ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ।
ਇੰਜ. ਅਮਨਪ੍ਰੀਤ ਸਿੰਘ ਘੇਈ, ਸਹਾਇਕ ਖੇਤੀਬਾੜੀ ਇੰਜੀਨੀਅਰ ਲੁਧਿਆਣਾ ਨੇ ਦੱਸਿਆ ਕਿ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨ ਡੀ.ਐਸ.ਆਰ ਡਰਿੱਲ ਦੀ ਵਰਤੋਂ ਕਰਕੇ ਜਿੱਥੇ ਪਾਣੀ ਅਤੇ ਬਿਜਲੀ ਦੀ ਬੱਚਤ ਕਰ ਸਕਦੇ ਹਨ ਉਥੇ ਹੀ ਮੱਕੀ ਅਤੇ ਹੋਰ ਫਸਲੀ ਵਿਭਿੰਨਤਾ ਵਾਲੀਆਂ ਫਸਲਾਂ ਲਈ ਨਿਊਮੈਟਿਕ ਪਲਾਂਟਰ ਵਰਤ ਕੇ ਬਿਜਾਈ ਦਾ ਕੰਮ ਵਧੀਆ ਤਰੀਕੇ ਨਾਲ ਅਤੇ ਘੱਟ ਸਮੇਂ ਵਿੱਚ ਕਰਕੇ ਸਮੇਂ ਦੀ ਬੱਚਤ ਅਤੇ ਵਾਧੂ ਬੀਜ ਦੇ ਖਰਚੇ ਦੀ ਬੱਚਤ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਰਜੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਜ਼ਮੀਨ ਦੀ ਮਾਲਕੀ ਦੀ ਫਰਦ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੇਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ। ਕੇਵਲ 5000 ਰੁਪਏ ਦੀ ਮੋੜਨਯੋਗ ਟੋਕਨ ਮਨੀ ਜਮ੍ਹਾਂ ਕਰਵਾਉਣ ਵਾਲੇ ਬਿਨੈਕਾਰ ਨੂੰ ਹੀ ਸਕੀਮ ਅਧੀਨ ਵਿਚਾਰਿਆ ਜਾਵੇਗਾ। ਕਸਟਮ ਹਾਇਰਿੰਗ ਸੈਂਟਰ ਖੋਲਣ ਲਈ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਅਤੇ ਫਾਰਮਰ ਪ੍ਰੋਡਿਊਸਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਬਿਨੈਕਾਰ ਜਿਸ ਕੈਟਾਗਰੀ ਨਾਲ ਸਬੰਧਤ ਹੋਣ, ਉਸੇ ਕੈਟਾਗਰੀ ਵਿੱਚ ਹੀ ਅਪਲਾਈ ਕਰਨ ਤੇ ਹੀ ਸਬਸਿਡੀ ਦੇ ਹੱਕਦਾਰ ਹੋਣਗੇ।
ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪ੍ਰਧਾਨਗੀ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਡਰਾਅ ਸਿਸਟਮ ਰਾਹੀਂ ਯੋਗ ਬਿਨੇਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਆਨਲਾਈਨ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਕੀਮ ਅਧੀਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋਡ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ।
Leave a Reply