ਲੁਧਿਆਣਾ
( ਜਸਟਿਸ ਨਿਊਜ਼)
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ (ਡੀ.ਐਲ.ਐਸ.ਏ.) ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਮੁਖੀ, ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ, ਜਗਰਾਓਂ, ਖੰਨਾ, ਪਾਇਲ ਅਤੇ ਸਮਰਾਲਾ, ਪੈਨਲ ਐਡਵੋਕੇਟਾਂ, ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਹ ਮੁਹਿੰਮ ਆਗਾਮੀ 06 ਦਸੰਬਰ ਤੋਂ 06 ਜਨਵਰੀ, 2026 ਤੱਕ ਚਲਾਈ ਜਾਵੇਗੀ।
ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਸੁਮਿਤ ਸਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰਾ ਇੱਕ ਮਹੀਨਾ ਚਲਾਈ ਜਾਵੇਗੀ ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਰੈਲੀਆਂ, ਨੁੱਕੜ ਨਾਟਕ ਆਦਿ ਦਾ ਆਯੋਜਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਸਬੰਧੀ ਪ੍ਰਚਾਰ ਸਮੱਗਰੀ ਵੰਡੀ ਜਾਵੇਗੀ ਤਾਂ ਜੋ ਨਸ਼ੇ ਦੇ ਮਾੜੇ ਪ੍ਰਭਾਵਾਂ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਮੁਹਿੰਮ ਤਹਿਤ ਸਕੂਲ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ, ਭਾਸ਼ਣ ਆਦਿ ਦੇ ਮੁਕਾਬਲੇ ਵੀ ਕਰਵਾਏ ਜਾਣੇ ਹਨ।
Leave a Reply