ਆਮ ਆਦਮੀ ਪਾਰਟੀ ਸਰਕਾਰ ਨੇ ਦੋ ਮਹੀਨਿਆਂ ਵਿਚ ਹੀ ਪੰਜਾਬ ਨੂੰ ਤਬਾਹ ਕੀਤਾ : ਸੁਖਬੀਰ ਸਿੰਘ ਬਾਦਲ

ਆਮ ਆਦਮੀ ਪਾਰਟੀ ਸਰਕਾਰ ਨੇ ਦੋ ਮਹੀਨਿਆਂ ਵਿਚ ਹੀ ਪੰਜਾਬ ਨੂੰ ਤਬਾਹ ਕੀਤਾ : ਸੁਖਬੀਰ ਸਿੰਘ ਬਾਦਲ

ਜਲਾਲਾਬਾਦ, 16 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋ ਮਹੀਨਿਆਂ ਦੇ ਸਮੇਂ ਵਿਚ ਹੀ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਤੇ ਸੂਬੇ ਵਿਚ ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ, ਅਤਿਵਾਦੀ ਹਮਲੇ ਹੋ ਰਹੇ ਹਨ ਤੇ ਨਸ਼ੇ ਦੀ ਓਵਰਡੋਜ਼ ਕਾਰਨ ਅਣਗਿਣਤ ਮੌਤਾਂ ਹੋ ਰਹੀਆਂ ਹਨ।

ਇਸ ਹਲਕੇ ਦੇ ਪਿੰਡ ਕੱਤਿਆਂਵਾਲੀ ਵਿਚ ਇਕ ਬੱਸ ਐਕਸੀਡੈਂਟ ਵਿਚ ਤਿੰਨ ਨੌਜਵਾਨਾਂ ਦੀ ਮੌਤ ’ਤੇ ਅਫਸੋਸ ਪ੍ਰਗਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੀੜਤ ਪਰਿਵਾਰਾਂ ਨੁੰ ਘੱਟ ਤੋਂ ਘੱਟ 5 ਲੱਖ ਰੁਪਏ ਮੁਆਵਜ਼ਾ ਦੇਵੇ। ਇਸ ਮੌਕੇ ਉਹਨਾਂ ਜਨਤਕ ਇਕੱਠ ਨੁੰ ਵੀ ਸੰਬੋਧਨ ਕੀਤਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਵਿਚ ਕਿਵੇਂ ਕੁਸ਼ਾਸਨ ਚਲ ਰਿਹਾ ਹੈ। ਦੋ ਮਹੀਨਿਆਂ ਵਿਚ ਹੀ ਪੰਜਾਬ ਵਿਚ 27 ਕਤਲ ਹੋ ਗਏ ਹਨ, 24 ਕਿਸਾਨਾਂ ਨੇ ਖੁਦਕੁਸ਼ੀਆਂ ਕਰ ਲਈਆਂ ਹਨ ਤੇ 61 ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਜਾ ਪਏ ਹਨ। ਉਹਨਾਂ ਕਿਹਾ ਕਿ ਬਜਾਏ ਆਮ ਆਦਮੀ ਨੁੰ ਰਾਹਤ ਦੇਣ ਅਤੇ ਕਾਨੁੰਨ ਦਾ ਰਾਜੂ ਲਾਗੂ ਕਰਨ, ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਅਤੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਬੈਂਕਾਂ ਤੋਂ ਕਰਜ਼ੇ ਦੇਣ ਅਤੇ ਨਸ਼ਾ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਚ ਫੋਟੋ ਸੈਸ਼ਨਾਂ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਅੱਜ ਵੀ ਕਪੂਰਥਲਾ ਵਿਚ ਕਬੱਡੀ ਮੈਚ ਵਿਚ ਗੋਲੀ ਚੱਲਣ ਨਾਲ ਦੋ ਵਿਅਕਤੀ ਜ਼ਖ਼ਮੀ ਹੋ ਗੲੈ ਹਨ। ਉਹਨਾਂ ਕਿਹਾ ਕਿ ਕੀ ਇਸੇ ਬਦਲਾਅ ਦਾ ਵਾਅਦਾ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਸੀ ਜਿਸ ਦੌਰ ਦੌਰਾਨ ਪੰਜਾਬ ਇਤਿਹਾਸ ਦੇ ਸਭ ਤੋਂ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਵੋਟਾਂ ਲੈਣ ਵਾਸਤੇ ਪੰਜਾਬੀਆਂ ਨੂੰ ਝੂਠ ਬੋਲ ਕੇ ਗੁੰਮਰਾਹ ਕੀਤਾ ਗਿਆ ਤੇ ਨਸ਼ਾ ਖ਼ਤਮ ਕਰਨ ਦਾ ਇਹਨਾਂ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਦੱਸਿਆ ਕਿ ਪਿੰਡਾਂ ਵਾਲਿਆਂ ਦੇ ਇਕ ਵਫਦ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ ਤੇ ਦੱਸਿਆ ਹੈ ਕਿਵੇਂ ਪੁਲਿਸ ਨੇ ਪੰਚਾਇਤ ਨੁੰ ਮਜਬੂਰ ਕੀਤਾ ਕਿ ਉਹ ਨਸ਼ੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਮੌਤ ਦਿਲ ਦੀ ਧੜਕਣ ਰੁਕਣ ਕਾਰਨ ਹੋਈ ਹੋਣ ਦਾ ਲਿਖਤੀ ਬਿਆਨ ਦੇਵੇ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਮ੍ਰਿਤਕ ਦੇ ਸਰੀਰ ਕੋਲੋਂ ਟੀਕਾ ਵੀ ਮਿਲਿਆ ਹੈ।

ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਕਣਕ ਦੀ ਬਰਾਮਦ ’ਤੇ ਪਾਬੰਦੀ ਖਤਮ ਕਰੇ ਕਿਉਂਕਿ ਕਣਕ ਦਾ ਝਾੜ ਘੱਟਣ ਨਾਲ ਮੰਗ ਵਿਚ ਗਿਰਾਵਟ ਦਾ ਸਵਾਂਗ ਰਚਿਆ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਬਰਾਮਦਾਂ ਦੀ ਬਦੌਲਤ ਕੀਮਤਾਂ ਵਿਚ ਵਾਧੇ ਦਾ ਲਾਭ ਨਹੀਂ ਲੈਣ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹੀ ਤਰਕ ਸਟੀਲ ਤੇ ਸੀਮਿੰਟ ਦੇ ਮਾਮਲੇ ਵਿਚ ਨਹੀਂ ਅਪਣਾਇਆ ਜਾ ਰਿਹਾ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਬਰਾਮਦ ਦੀ ਆਗਿਆ ਦੇਣ ਤੋਂ ਬਾਅਦ ਸਟੀਲ ਤੇ ਸੀਮਿੰਟ ਦੀਆਂ ਕੀਮਤਾਂ ਵਿਚ ਬਹੁਤ ਵਾਧਾ ਹੋਇਆ ਹੈ ਪਰ ਕਣਕ ਦੀ ਬਰਾਮਦ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਕਿਉਂਕਿ ਸਰਕਾਰ ਵਿਚ ਕਿਸਾਨਾਂ ਦੀ ਆਵਾਜ਼ ਨਹੀਂ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕਣਕ ਦੀ ਬਰਾਮਦ ਆਗਿਆ ਹੁੰਦੀ ਤਾਂ ਫਿਰ ਕਿਸਾਨਾਂ ਨੁੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਹੋੲੈ ਨੁਕਸਾਨ ਦੀ ਪੂਰਤੀ ਹੋ ਸਕਦੀ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਣਕ ਦੇ ਝਾੜ ਵਿਚ ਆਈ ਘਾਟ ਨੂੰ ਕੁਦਰਤੀ ਆਫਤ ਐਲਾਨਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਮਸਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਣਾ ਚਾਹੀਦਾ ਹੈ ਤੇ ਕਿਸਾਨਾਂ ਲਈ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਦਾ ਮਾੜਾ ਅਸਰ ਸੂਬੇ ਦੀ ਖੇਤੀਬਾੜੀ ਅਰਥਚਾਰੇ ’ਤੇ ਪੈ ਰਿਹਾ ਹੈ ਤੇ ਇਸ ਨਾਲ ਉਹ ਸਾਰੇ ਪ੍ਰਭਾਵਤ ਹੋਣਗੇ ਜਿਹਨਾਂ ਦੇ ਹਿੱਤ ਇਸ ਕਿੱਤੇ ਨਾਲ ਜੁੜੇ ਹਨ।

Leave a Reply

Your email address will not be published.


*


%d